ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਚੋਣ ਤੋਂ ਸੰਬੰਧਿਤ ਖੇਤਰ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਨਗਰ ਨਿਗਮਾਂ ਅਤੇ ਕਮੇਟੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਲਈ ਚੋਣਾਂ ਹੋਣੀਆਂ ਹਨ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਜ਼ਿਮਨੀ ਚੋਣਾਂ ਵਾਂਗ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵੀ ਵੱਡੇ ਫਰਕ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸ਼ਹਿਰੀ ਖੇਤਰਾਂ ਵਿੱਚ ਵੀ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ। ਸਾਨੂੰ ਭਰੋਸਾ ਹੈ ਕਿ ਅਸੀਂ ਇਨ੍ਹਾਂ ਚੋਣਾਂ ਵਿੱਚ ਵੀ ਵੱਡੀ ਲੀਡ ਹਾਸਿਲ ਕਰਾਂਗੇ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਨੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਵਧਾਇਆ ਹੈ। ਨਗਰ ਨਿਗਮ ਚੋਣਾਂ ‘ਤੇ ਵੀ ਇਸ ਦਾ ਸਕਾਰਾਤਮਕ ਪ੍ਰਭਾਵ ਪਵੇਗਾ।