ਅੱਜ ਜਦੋਂ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਅਕਾਲ ਤਖਤ ਸਾਹਿਬ ਵਲੋਂ ਲੱਗੀ ਤਨਖਾਹ ਤਹਿਤ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾਅ ਰਹੇ ਸਨ ਤਾਂ ਅਚਾਨਕ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ, ਜਿਸ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ। ਇਸ ਵਿਅਕਤੀ ਦਾ ਨਾਂਅ ਨਰਾਇਣ ਸਿੰਘ ਚੌੜਾ ਦੱਸਿਆ ਜਾਂਦਾ ਹੈ, ਜੋ ਗਰਮ ਖਿਆਲੀ ਆਗੂ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਸੁਖਬੀਰ ਸਿੰਘ ਬਾਦਲ ਵੱਲ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਤੇ ਗੋਲੀ ਚਲਾਉਣ ਵਾਲਾ ਭਾਈ ਨਰਾਇਣ ਸਿੰਘ ਚੌੜਾ ਅਕਾਲ ਫੈਡਰੇਸ਼ਨ ਦਾ ਮੁਖੀ ਹੈ ਅਤੇ ਇਸ ਤੋਂ ਇਲਾਵਾ ਇਹ ਦਲ ਖਾਲਸਾ ਤੇ ਪੰਥ ਸੇਵਕ ਆਦਿ ਸਿੱਖ ਜਥੇਬੰਦੀਆਂ ਨਾਲ ਵੀ ਜੁੜਿਆ ਹੋਇਆ ਹੈ।


ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਕੀਤੀ ਸਖ਼ਤ ਨਿੰਦਾ ਕੀਤੀ ਹੈ। ਇਸ ਦੌਰਾਨ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਗੁਰੂ ਨਾਨਕ ਦੇਵ ਜੀ ਦਾ ਸ਼ੁਕਰਾਨਾ ਕਰਦਾ ਹਾਂ। ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ। ਉਨ੍ਹਾਂ ਕਿਹਾ ਕਿ ਇਥੇ ‘ਸੇਵਕ’ ’ਸੇਵਾ’ ਕਰ ਰਹੇ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮ ਦਾਸ ਦਵਾਰ ’ਚ ਚੌਕੀਦਾਰ ਸੇਵਾ ਕਰ ਰਹੇ ਸਨ।

ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਰਾਜਾ ਵੜਿੰਗ ਵਲੋਂ ਨਿੰਦਾ
ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਚੱਲੀ ਗੋਲੀ ਦੀ ਘਟਨਾ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਬਹੁਤ ਗਲਤ ਹੋਇਆ ਹੈ, ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਮੈਂ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਨੂੰ ਸਰਕਾਰ ਦੀ 100 ਫੀਸਦੀ ਲਾਪਰਵਾਹੀ ਮੰਨਦਾ ਹਾਂ, ਇਹ ਕਾਨੂੰਨ ਵਿਵਸਥਾ ਦੀ ਹਾਲਤ ਨੂੰ ਦਰਸਾਉਂਦਾ ਹੈ। ਗੋਲੀ ਚਲਾਉਣ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਅਜਿਹਾ ਕਿਉਂ ਹੋਇਆ ਤੇ ਇਸ ਲਈ ਕਿਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ? ਕੀ ਸਰਕਾਰ ਕਿਸੇ ਦੇ ਮਾਰੇ ਜਾਣ ਦਾ ਇੰਤਜ਼ਾਰ ਕਰ ਰਹੀ ਹੈ । ਰਾਜਾ ਵੜਿੰਗ ਨੇ ਕਿਹਾ ਕਿ ਸਿੱਖਾਂ ਦੇ ਮਨਾਂ ਵਿਚ ਸੁਖਬੀਰ ਸਿੰਘ ਬਾਦਲ ਖਿਲਾਫ਼ ਨਫ਼ਰਤ ਹੋ ਸਕਦੀ ਹੈ ਪਰ ਇਸ ਦਾ ਇਹ ਮਤਲਬ ਨਹੀਂ ਕਿ ਤੁਸੀਂ ਉਨ੍ਹਾਂ ਨੂੰ ਗੋਲੀ ਮਾਰ ਦਿਓ।
ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੇ ਮਾਮਲੇ ’ਚ ਗ੍ਰਿਫਤਾਰ ਕਰ ਲਿਆ ਗਿਆ ਨਰਾਇਣ ਸਿੰਘ ਚੌੜਾ ਨੂੰ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਤੇ ਅੰਮ੍ਰਿਤਸਰ ’ਚ ਗੋਲੀਆਂ ਚਲਾ ਕੇ ਹਮਲਾ ਕਰਨ ਦੇ ਮਾਮਲੇ ’ਚ ਨਰਾਇਣ ਸਿੰਘ ਚੌੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜੋ ਸਾਬਕਾ ਖਾੜਕੂ ਦੱਸਿਆ ਜਾ ਰਿਹਾ ਹੈ। ਇਹ ਖੁਲਾਸਾ ਅਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਕੀਤਾ ਗਿਆ ਹੈ।
