ਸਰਕਾਰੀ ਸੇਵਾਵਾਂ ਲਈ ਪਿਛਲੇ ਇਕ ਸਾਲ ’ਚ 378483 ਅਰਜ਼ੀਆਂ ਪ੍ਰਵਾਨ
ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮਾਂਬੱਧ ਤੇ ਨਿਰਵਿਘਨ ਢੰਗ ਨਾਲ ਮੁਹੱਈਆ ਕਰਵਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ
ਜਲੰਧਰ, 16 ਜਨਵਰੀ- ਜਲੰਧਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਨਾਗਰਿਕ ਕੇਂਦਰਿਤ ਸੇਵਾਵਾਂ ਆਸਾਨ ਅਤੇ ਸੂਬੇ ਭਰ ਵਿੱਚ ਸਭ ਤੋਂ ਘੱਟ ਪੈਂਡੈਂਸੀ ਦਰ ਨਾਲ ਮੁਹੱਈਆ ਕਰਵਾਉਣ ਦੇ ਆਪਣੇ ਰਿਕਾਰਡ ਨੂੰ ਕਾਇਮ ਰੱਖਿਆ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ (16 ਜਨਵਰੀ 2024 ਤੋਂ 15 ਜਨਵਰੀ 2025) ਦੌਰਾਨ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਰਾਹੀਂ ਵੱਖ-ਵੱਖ ਨਾਗਰਿਕ ਸੇਵਾਵਾਂ ਲਈ ਕੁੱਲ 399573 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 378483 ਅਰਜ਼ੀਆਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਗਿਆ।
ਡਾ. ਅਗਰਵਾਲ ਨੇ ਦੱਸਿਆ ਕਿ 13237 ਅਰਜ਼ੀਆਂ ਅਧੂਰੀਆਂ ਜਾਂ ਹੋਰ ਕਮੀਆਂ-ਪੇਸ਼ੀਆਂ ਕਰਕੇ ਰੱਦ ਕੀਤੀਆਂ ਗਈਆਂ ਹਨ ਜਦਕਿ 5260 ਦਰਖਾਸਤਾਂ ਪ੍ਰਕਿਰਿਆ ਅਧੀਨ ਹਨ, ਜਿਨ੍ਹਾਂ ਦਾ ਨਿਰਧਾਰਤ ਸਮੇਂ ਦੇ ਅੰਦਰ ਨਿਪਟਾਰਾ ਕਰਕੇ ਬਿਨੈਕਾਰਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮਾਂਬੱਧ ਅਤੇ ਨਿਰਵਿਘਨ ਢੰਗ ਨਾਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸੇਵਾਵਾਂ ਲਈ ਪ੍ਰਾਪਤ ਅਰਜ਼ੀਆਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਹੋਈਆਂ ਹਨ। ਇਸ ਤੋਂ ਇਲਾਵਾ ਜਿਥੇ ਨਿਯਮਿਤ ਤੌਰ ’ਤੇ ਸੇਵਾ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਜਾਂਦਾ ਹੈ ਉੱਥੇ ਸੇਵਾਵਾਂ ਪ੍ਰਾਪਤ ਕਰਨ ਆਏ ਲੋਕਾਂ ਪਾਸੋਂ ਫੀਡਬੈਕ ਵੀ ਲਿਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਸੇਵਾਵਾਂ ਦੀ ਪ੍ਰਾਪਤੀ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰੰਤਰ ਕੀਤੇ ਜਾ ਰਹੇ ਯਤਨਾਂ ਸਦਕਾ ਜਲੰਧਰ ਨੇ ਸਭ ਤੋਂ ਘੱਟ ਪੈਂਡੈਂਸੀ ਦਰ ਨਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਰਾਜ ਵਿੱਚ ਮੋਹਰੀ ਸਥਾਨ ਬਰਕਰਾਰ ਰੱਖਣ ਦੀ ਇਹ ਸਫ਼ਲਤਾ ਹਾਸਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਜ਼ਿਲ੍ਹੇ ਵਿਚ 35 ਸੇਵਾ ਕੇਂਦਰ ਕੰਮ ਰਹੇ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 435 ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।