Breaking
Tue. Apr 22nd, 2025

ਹੀਟ ਵੇਵ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਲੂ ਤੋਂ ਬਚਾਅ ਲਈ ਦੁਪਹਿਰ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ : ਡਿਪਟੀ ਕਮਿਸ਼ਨਰ

ਜਲੰਧਰ, 28 ਮਾਰਚ 2025 :-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਬੁਲੇਟਿਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਅੱਤ ਦੀ ਗਰਮੀ ਦੌਰਾਨ ਜ਼ਿਲ੍ਹਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ।
ਡਾ. ਅਗਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ’ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਂ ਵਿੱਚ ਆਰਾਮ ਕਰਨ ਜਾਂ ਸਿਰ ’ਤੇ ਗਿੱਲਾ ਤੌਲੀਆ ਜਾਂ ਕੱਪੜਾ ਜ਼ਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਉਨ੍ਹਾਂ ਕਿਹਾ ਕਿ ਮੌਸਮੀ ਫ਼ਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਖਰਬੂਜਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਰਮੀ ਦੇ ਸਿਖ਼ਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪ੍ਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜ਼ੇ ਤੇ ਖਿੜਕੀਆਂ ਖੁੱਲ੍ਹੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ।

Related Post

Leave a Reply

Your email address will not be published. Required fields are marked *