ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠਲਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਚਾਰ ਸਾਲ ਵੱਖ ਰਹਿਣ ਮਗਰੋਂ ਹੁਣ ਮੁੜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਸਕਦਾ ਹੈ। ਸੂਤਰਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਵਰਕਰਾਂ ਤੇ ਆਗੂਆਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਮੁੜ ਜੁੜਨ ਦੇ ਮੁੱਦੇ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਲੰਘੇ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਲਈ ਮੁਆਫੀ ਮੰਗੇ ਜਾਣ ਮਗਰੋਂ ਇਨ੍ਹਾਂ ਅਕਾਲੀ ਧੜਿਆਂ ਵਿਚਾਲੇ ਮੁੜ ਏਕੇ ਦਾ ਮੁੱਦਾ ਜ਼ੋਰ ਫੜ ਰਿਹਾ ਹੈ।
