Breaking
Fri. Oct 31st, 2025

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦੇ ਕੰਮ ਨੂੰ ਮਿਸ਼ਨ ਮੋਡ ’ਤੇ ਕੀਤਾ ਜਾਵੇ-ਸਾਰੰਗਲ

ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ

ਡਿਪਟੀ ਕਮਿਸ਼ਨਰ ਵਲੋਂ ਪਟਵਾਰੀਆਂ ਨੂੰ ਵੋਟਰ ਰਜਿਸਟਰੇਸ਼ਨ ਦਾ ਕੰਮ ਮੁਹਿੰਮ ਤਹਿਤ ਨਾਲ ਕਰਨ ਦੀਆਂ ਹਦਾਇਤਾਂ

ਜਲੰਧਰ, 09 ਜਨਵਰੀ 2024-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਪਟਵਾਰੀਆਂ ਅਤੇ ਹੋਰ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦੇ ਕੰਮ ਨੂੰ ਮਿਸ਼ਨ ਮੋਡ ’ਤੇ ਕੀਤਾ ਜਾਵੇ।

ਵੀਡੀਓ ਕਾਨਫਰੰਸ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਕੀਤਾ ਜਾ ਰਿਹਾ ਹੈ ਅਤੇ ਫੀਲਡ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰਦਿਆਂ ਵੋਟਰ ਰਜਿਸਟਰੇਸ਼ਨ ਵਿੱਚ ਵਾਧਾ ਕੀਤਾ ਜਾਵੇ।

ਉਨ੍ਹਾਂ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਸਾਰੇ ਪਿੰਡਾਂ/ਮੁਹੱਲਿਆਂ ਵਿੱਚ ਪਹੁੰਚ ਕਰਨੀ ਚਾਹੀਦੀ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐਸ.ਡੀ.ਐਮਜ਼ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨੂੰ ਵੀ ਨਿਯਮਤ ਤੌਰ ’ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨੀ ਚਾਹੀਦੀ ਹੈ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਸ੍ਰੀ ਸਾਰੰਗਲ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਹ ਫਾਰਮ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ www.jalandhar.nic.in. ’ਤੇ ਵੀ ਉਪਲੱਬਧ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਪਟਵਾਰੀ ਪਾਸ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਏ ਜਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 11 ਅਪ੍ਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 3 ਮਈ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ.ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਸ਼ੇਵ ਕਰਦਾ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦਾ ਹੈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

By admin

Related Post

Leave a Reply

Your email address will not be published. Required fields are marked *