ਡਿਪਟੀ ਕਮਿਸ਼ਨਰ ਨੇ ਯੋਗ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਕੈਂਪਾਂ ਦਾ ਲਾਭ ਲੈਣ ਦੀ ਕੀਤੀ ਅਪੀਲ
ਜਲੰਧਰ, 16 ਜਨਵਰੀ 2024-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਜਨਵਰੀ ਨੂੰ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਸਥਿਤ ਗੁਰਦੁਆਰਾ ਸਾਹਿਬਾਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਸਬੰਧੀ ਵੋਟਰ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਬੰਧਤ ਇਲਾਕੇ ਦੇ ਪਟਵਾਰੀ ਮੌਜੂਦ ਰਹਿਣਗੇ ਅਤੇ ਰਜਿਸਟ੍ਰੇਸ਼ਨ ਸਬੰਧੀ ਫਾਰਮ ਸਵੀਕਾਰ ਕਰਨਗੇ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਇਹ ਵਿਸ਼ੇਸ਼ ਕੈਂਪ ਜ਼ਿਲ੍ਹੇ ਭਰ ਵਿੱਚ ਲਗਾਏ ਜਾ ਰਹੇ ਹਨ, ਇਸ ਲਈ ਵੋਟਰਾਂ ਨੂੰ ਵੀ ਅੱਗੇ ਆ ਕੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਸਮੂਹ ਯੋਗ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਬੁੱਧਵਾਰ ਨੂੰ ਲਗਾਏ ਜਾ ਰਹੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪਟਵਾਰੀ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸਬੰਧਤ ਸਥਾਨਾਂ ‘ਤੇ ਮੌਜੂਦ ਰਹਿਣਗੇ ਅਤੇ ਯੋਗ ਵੋਟਰਾਂ ਤੋਂ ਬਿਨੈ ਫਾਰਮ ਪ੍ਰਾਪਤ ਕਰਨਗੇ।
