ਮੋਰਿੰਡਾ/ਰੂਪਨਗਰ , 1 ਮਾਰਚ 2024- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਜਿਕਰ ਕੀਤਾ ਹੈ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਇੱਕ ਗੈਂਗਸਟਰ ਵੱਲੋਂ ਧਮਕੀ ਭਰੇ ਫੋਨ ਅਤੇ ਮੈਸੇਜ ਆਏ ਸਨ। ਜਿਸ ਵਿੱਚ ਵਟਸਐਪ ਕਾਲਰ ਨੇ ਉਸ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।
ਚੰਨੀ ਨੇ ਇਹ ਜਾਣਕਾਰੀ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ‘ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਸੰਦੇਸ਼ ਦਾ ਸਕਰੀਨ ਸ਼ਾਟ ਲਿਆ ਹੈ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਰੂਪਨਗਰ ਰੇਂਜ ਦੇ ਡੀਆਈਜੀ ਨੂੰ ਵੀ ਭੇਜ ਦਿੱਤਾ ਹੈ। ਪਰ ਦਸ ਦਿਨ ਬੀਤ ਜਾਣ ਦੇ ਬਾਵਜੂਦ ਉਪਰੋਕਤ ਅਧਿਕਾਰੀਆਂ ਵਿੱਚੋਂ ਕਿਸੇ ਨੇ ਵੀ ਉਸ ਨਾਲ ਗੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।
ਚੰਨੀ ਨੇ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਵੀ ਗੈਂਗਸਟਰਾਂ ਤੋਂ ਸੁਰੱਖਿਅਤ ਨਹੀਂ ਹੈ। ਆਮ ਲੋਕ ਕਿਵੇਂ ਸੁਰੱਖਿਅਤ ਰਹਿ ਸਕਦੇ ਹਨ? ਉਨ੍ਹਾਂ ਕਿਹਾ ਕਿ ਅੱਜ ਸ਼ਰੇਆਮ ਔਰਤਾਂ ਦੇ ਗਲਾਂ ਵਿੱਚੋਂ ਚੈਨੀਆਂ ਅਤੇ ਕੰਨਾਂ ਦੀਆਂ ਵਾਲੀਆਂ ਖੋਹੀਆਂ ਜਾ ਰਹੀਆਂ ਹਨ। ਹਰ ਪਾਸੇ ਲੁਟੇਰੇ ਅਤੇ ਗੈਂਗਸਟਰਾਂ ਦਾ ਬੋਲਬਾਲਾ ਹੈ। ਪਰ ਪੰਜਾਬ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਇਸ ਕਾਰਨ ਸੂਬੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ
