ਕਿਹਾ ਪ੍ਰਸ਼ਾਸਨ ਸਾਰੀਆਂ ਪਾਰਟੀਆਂ/ਉਮੀਦਵਾਰਾਂ ਨੂੰ ਇਕੋ ਜਿਹਾ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ
ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ
ਨਕੋਦਰ/ਜਲੰਧਰ, 01 ਅਪ੍ਰੈਲ 2024-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਜਲੰਧਰ (ਦਿਹਾਤੀ) ਅੰਕੁਰ ਗੁਪਤਾ ਵਲੋਂ ਲੋਕ ਸਭਾ ਚੋਣਾਂ-2024 ਦੌਰਾਨ ਜਲੰਧਰ ਲੋਕ ਸਭਾ ਦੀ ਚੋਣ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਅਤੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਤਹਿਤ ਸੁਰੱਖਿਆ ਬਲਾਂ ਵਲੋਂ ਨਕੋਦਰ ਵਿਖੇ ਕੱਢੇ ਗਏ ਫਲੈਗ ਮਾਰਚ ਦੀ ਅਗਵਾਈ ਕੀਤੀ ਗਈ।
ਮਾਰਚ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾਂ ਨੂੰ ਸਾਰੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾ ਕੇ ਸੁਚਾਰੂ ਢੰਗ ਨਾਲ ਕਰਵਾਉਣ ਅਤੇ ਹਰੇਕ ਉਮੀਦਵਾਰ ਅਤੇ ਪਾਰਟੀ ਲਈ ਇਕੋ ਜਿਹਾ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਸਪਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਦਰਸ਼ ਚੋਣ ਜਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੇ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬਣਾਏ ਗਏ 1951 ਪੋਲਿੰਗ ਬੂਥਾਂ ’ਤੇ ਜਿਨ੍ਹਾਂ ਨੂੰ ਵੈਬ ਕਾਸਟਿੰਗ ਰਾਹੀਂ ਕਵਰ ਕੀਤਾ ਜਾਵੇਗਾ ਵਿਖੇ 16.42 ਲੱਖ ਵੋਟਰਾਂ ਵਲੋਂ ਬਿਨਾਂ ਕਿਸੇ ਭੈਅ ਦੇ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ।
ਲੋਕਾਂ ਨੂੰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਰਿਪੋਰਟ ਸੀ-ਵਿਜਿਲ ਐਪ ’ਤੇ ਕਰਨ ਦੀ ਅਪੀਲ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਹਿਾ ਕਿ ਹੁਣ ਤਕ 90 ਸ਼ਿਕਾਇਤਾਂ ਆਦਰਸ਼ ਚੋਣ ਜਾਬਤੇ ਸਬੰਧੀ ਸੀ-ਵਿਜਿਲ ਐਪ ’ਤੇ ਪ੍ਰਾਪਤ ਹੋਈਆਂ ਸਨ ਜਿਨਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰ ਦਿੱਤਾ ਗਿਆ ਹੈ ।
ਉਨ੍ਹਾਂ ਲੋਕਾਂ ਖਾਸ ਕਰਕੇ 39000 ਦੇ ਕਰੀਬ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਕਿਹਾ ਕਿ ਵੋਟਿੰਗ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਤੋਂ ਇਲਾਵਾ ਨੈਤਿਕ ਵੋਟਿੰਗ ਪ੍ਰਕਿਰਿਆ ਵਿੱਚ ਚਾਨਣ ਮੁਨਾਰੇ ਵਜੋਂ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਐਸ.ਐਸ.ਪੀ. ਅੰਕੁਰ ਗੁਪਤਾ ਨੇ ਕਿਹਾ ਕਿ ਦਿਹਾਤੀ ਖੇਤਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਇਸ ਮੌਕੇ ਐਸ.ਡੀ.ਐਮ.-ਕਮ-ਸਹਾਇਕ ਰਿਟਰਨਿੰਗ ਅਫ਼ਸਰ ਗੁਰਸਿਮਰਨ ਸਿੰਘ ਵੀ ਮੌਜੂਦ ਸਨ।

