ਜਲੰਧਰ ਪੱਛਮੀ ਉਪ ਚੋਣ
ਜਲੰਧਰ, 1 ਜੁਲਾਈ 2024- ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਦੀ ਉਪ ਚੋਣ ਲਈ ਵੋਟਾਂ ਦੌਰਾਨ 10 ਜੁਲਾਈ ਨੂੰ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੈਟਸ ਦੀ ਬੂਥਵਾਰ ਵੰਡ ਲਈ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੈਂਡਮਾਈਜ਼ੇਸ਼ਨ ਦੀ ਪ੍ਰਕਿਰਿਆ ਨੇਪਰੇ ਚਾੜ੍ਹੀ ਗਈ।
ਸਮੁੱਚੀ ਪ੍ਰਕਿਰਿਆ ਨੂੰ ਜਨਰਲ ਆਬਜ਼ਰਵਰ ਉੱਤਮ ਕੁਮਾਰ ਪਾਤਰਾ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਡਾ. ਅਮਿਤ ਮਹਾਜਨ ਅਤੇ ਰਿਟਰਨਿੰਗ ਅਫ਼ਸਰ ਹਲਕਾ ਜਲੰਧਰ ਪੱਛਮੀ ਅਲਕਾ ਕਾਲੀਆ ਦੀ ਨਿਗਰਾਨੀ ਹੇਠ ਅਤੇ ਉਮੀਦਵਾਰਾਂ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮੁਕੰਮਲ ਕੀਤਾ ਗਿਆ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ ਚੋਣ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਹਲਕੇ ਵਿੱਚ ਕੁੱਲ 181 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਲਈ ਕੁੱਲ 226 ਬੈਲਟ ਯੂਨਿਟ, 226 ਕੰਟਰੋਲ ਯੂਨਿਟ ਅਤੇ 244 ਵੀ.ਵੀ.ਪੈਟਸ ਦੀ ਬੂਥ ਵਾਰ ਵੰਡ ਲਈ ਦੂਜੀ ਰੈਂਡਮਾਈਜੇਸ਼ਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੈਲਟ ਅਤੇ ਕੰਟਰੋਲ ਯੂਨਿਟ 25-25 ਫੀਸਦੀ ਅਤੇ ਵੀ.ਵੀ.ਪੈਟਸ 35 ਫੀਸਦੀ ਰਾਖਵੇਂ ਰੱਖੇ ਗਏ ਹਨ।
ਉਨ੍ਹਾਂ ਦੱਸਿਆ ਕਿ ਰੈਂਡੇਮਾਈਜ਼ੇਸ਼ਨ ਦਾ ਉਦੇਸ਼ ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਤਿਆਰੀ (ਕਮਿਸ਼ਨਿੰਗ) 2 ਅਤੇ 3 ਜੁਲਾਈ ਨੂੰ ਲਾਇਲਪੁਰ ਖਾਲਸਾ ਕਾਲਜ ਵਿਖੇ ਕਰਵਾਈ ਜਾਵੇਗੀ।

ਜਿਮਨੀ ਚੋਣ ਨਿਰਵਿਘਨ, ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਪ ਚੋਣ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਸਿਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਉਮੀਦਵਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

