ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਸਬਸਿਡੀ ਤੇ ਕਰਜ਼ੇ ਦੀ ਸਹੂਲਤ ਸਬੰਧੀ ਦਿੱਤੀ ਜਾਣਕਾਰੀ
ਜਲੰਧਰ, 7 ਅਗਸਤ 2024- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਸਵੈ ਰੋਜ਼ਗਾਰ-ਕਮ-ਪਲੇਸਮੈਂਟ ਕੈਂਪ ਲਾਇਆ ਗਿਆ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਮੁਕੇਸ਼ ਸਰੰਗਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਦੇ ਦਫ਼ਤਰ ਵਿਖੇ ਲਾਏ ਗਏ ਇਸ ਕੈਂਪ ਵਿੱਚ ਜਿਥੇ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ ਗਏ ਉਥੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਇਛੁੱਕ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਐਸ.ਆਈ.ਐਸ. ਲਾਈਫ਼ ਬਾਇਓਟੈਕ, ਕ੍ਰਿਸ਼ਨਾ ਐਂਡ ਸੰਨਜ਼ ਅਤੇ ਐਚ.ਡੀ.ਐਫ.ਸੀ. ਬੈਂਕ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵੱਲੋਂ ਨੌਕਰੀਆਂ ਲਈ 18 ਨੌਜਵਾਨ ਸ਼ਾਰਟਲਿਸਟ ਕੀਤੇ ਗਏ।
ਇਸ ਤੋਂ ਇਲਾਵਾ ਜ਼ਿਲ੍ਹਾ ਉਦਯੋਗ ਕੇਂਦਰ ਅਤੇ ਐਸ.ਸੀ. ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਪੁੱਜੇ ਆਪਣਾ ਕੰਮ-ਧੰਦਾ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਸਰਕਾਰ ਦੀਆਂ ਸਵੈ-ਰੋਜ਼ਗਾਰ ਸਬੰਧੀ ਵੱਖ-ਵੱਖ ਸਕੀਮਾਂ ਤਹਿਤ ਸਬਸਿਡੀ ਅਤੇ ਕਰਜ਼ੇ ਦੀ ਸਹੂਲਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਮੁਕੇਸ਼ ਸਰੰਗਲ ਨੇ ਦੱਸਿਆ ਕਿ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਨੌਜਵਾਨਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

