ਲੋਕਾਂ ਨੂੰ ਸਿਰਫ਼ ਰਜਿਸਟਰਡ ਕੰਸਟਲਟੈਂਟਸ ਨਾਲ ਹੀ ਸੰਪਰਕ ਕਰਨ ਦੀ ਅਪੀਲ
ਜਲੰਧਰ, 12 ਸਤੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਰਜਿਸਟਰਡ ਇਮੀਗ੍ਰੇਸ਼ਨ ਫਰਮਾਂ ਅਤੇ ਆਈਲੈਟਸ ਸੰਸਥਾਵਾਂ ਨੂੰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਡਾ. ਅਗਰਵਾਲ ਨੇ ਰਜਿਸਟਰਡ ਇਮੀਗ੍ਰੇਸ਼ਨ ਫਰਮਾਂ ਅਤੇ ਆਈਲੈਟਸ ਸੰਸਥਾਵਾਂ ਨੂੰ ਆਪਣੇ ਦਫ਼ਤਰਾਂ ਤੇ ਇਮਾਰਤਾਂ ‘ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਲਾਇਸੈਂਸ ਡਿਸਪਲੇਅ ਕਰਨ ਲਈ ਕਿਹਾ ਤਾਂ ਜੋ ਲੋਕ ਇਨ੍ਹਾਂ ਫਰਮਾਂ ਦੀ ਸਰਕਾਰ ਪਾਸ ਰਜਿਸਟ੍ਰੇਸ਼ਨ ਬਾਰੇ ਜਾਣ ਸਕਣ। ਉਨ੍ਹਾਂ ਕਿਹਾ ਕਿ ਸਾਰੀਆਂ ਫਰਮਾਂ ਲਈ ਆਪਣੇ ਵਪਾਰਕ ਲੈਣ-ਦੇਣ ਦੇ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਲਾਜ਼ਮੀ ਹੈ।
ਡਾ. ਅਗਰਵਾਲ ਨੇ ਗੈਰ-ਰਜਿਸਟਰਡ ਫਰਮਾਂ ਵੱਲੋਂ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਨੂੰ ਰੋਕਣ ਲਈ ਲੋਕਾਂ ਨੂੰ ਸਿਰਫ਼ ਰਜਿਸਟਰਡ ਇਮੀਗ੍ਰੇਸ਼ਨ ਫਰਮਾਂ ਨਾਲ ਹੀ ਸੰਪਰਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਜਿਹੀਆਂ ਸਾਰੀਆਂ ਫਰਮਾਂ ਦੀ ਨਿਯਮਿਤ ਤੌਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਹੋ ਰਹੀ ਹੈ।
 
                        