Breaking
Fri. Oct 31st, 2025

ਜਲੰਧਰ ਪ੍ਰਸ਼ਾਸਨ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਪੱਬਾਂ ਭਾਰ

  • ਤਿਉਹਾਰੀ ਸੀਜ਼ਨ ਦੌਰਾਨ ਫੀਲਡ ’ਚ ਡਟੇ ਸੀਨੀਅਰ ਅਧਿਕਾਰੀ

ਜਲੰਧਰ, 4 ਨਵੰਬਰ 2024 -: ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਸੰਜੀਦਾ ਯਤਨਾਂ ਤਹਿਤ ਜ਼ਿਲ੍ਹੇ ਭਰ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਲਈ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਤਿਉਹਾਰੀ ਸੀਜ਼ਨ ਦੌਰਾਨ ਫੀਲਡ ਵਿੱਚ ਡਟੇ ਰਹੇ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਐਸ.ਡੀ.ਐਮਜ਼, ਤਹਿਸੀਲਦਾਰ ਅਤੇ ਪੁਲਿਸ ਟੀਮਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਿੰਡਾਂ ‘ਚ ਨਿਯਮਤ ਤੌਰ ’ਤੇ ਦੌਰੇ ਕੀਤੇ ਗਏ।


ਜ਼ਿਕਰਯੋਗ ਹੈ ਕਿ ਐਸ.ਡੀ.ਐਮ.ਆਦਮਪੁਰ ਵਿਵੇਕ ਮੋਦੀ ਅਤੇ ਐਸ.ਡੀ.ਐਮ. ਫਿਲੌਰ ਅਮਨਪਾਲ ਸਿੰਘ ਨੇ ਨਿੱਜੀ ਤੌਰ ’ਤੇ ਪਿੰਡ ਡਰੋਲੀ ਖੁਰਦ ਅਤੇ ਬੋਪਾਰਾਏ ਵਿਖੇ ਜਾ ਕੇ ਪਰਾਲੀ ਨੂੰ ਲਗਾਈ ਅੱਗ ਬੁਝਾਉਂਦਿਆਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਪ੍ਰਤੀ ਜਾਗਰੂਕ ਕੀਤਾ।
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਅਗਾਂਹਵਧੂ ਕਿਸਾਨਾਂ, ਜਿਨ੍ਹਾਂ ਵਲੋਂ ਵਾਤਾਵਰਣ ਦੀ ਸੁਰੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ, ਦੀ ਅਧਿਕਾਰੀਆਂ ਵਲੋਂ ਸ਼ਲਾਘਾ ਕੀਤੀ ਗਈ। ਐਸ.ਡੀ.ਐਮ. ਸ਼ੁਭੀ ਆਂਗਰਾ, ਲਾਲ ਵਿਸ਼ਵਾਸ ਅਤੇ ਬਲਬੀਰ ਰਾਜ ਵਲੋਂ ਆਪੋ-ਆਪਣੇ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ। ਸੀਨੀਅਰ ਅਧਿਕਾਰੀਆਂ ਵਲੋਂ ਇਨ-ਸਿਟੂ ਤਕਨੀਕ ਦੀ ਵਰਤੋਂ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ ਦੀ ਅਪੀਲ ਕੀਤੀ ਗਈ ।
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤੇ ਜਾ ਰਹੇ ਸੰਜੀਦਾ ਯਤਨਾਂ ਸਦਕਾ ਇਸ ਸਾਲ ਜਲੰਧਰ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਵਿੱਚ ਆਈ ਵੱਡੀ ਕਮੀ ਇਹ ਦਰਸਾਉਂਦੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਅਤੇ ਨਵੀਨਤਮ ਖੇਤੀ ਤਕਨੀਕਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

Related Post

Leave a Reply

Your email address will not be published. Required fields are marked *