- ਜਲੰਧਰ ਦਿਹਾਤੀ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਿਲੀ ਸਫਲਤਾ
ਜਲੰਧਰ, 1 ਮਾਰਚ 2025 -: ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਲਗਾਤਾਰ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀ ਛਾਪੇਮਾਰੀ ਦੌਰਾਨ ਵੱਡੇ ਪੱਧਰ ‘ਤੇ ਗ੍ਰਿਫ਼ਤਾਰੀਆਂ ਅਤੇ ਮਹੱਤਵਪੂਰਨ ਬਰਾਮਦਗੀਆਂ ਕੀਤੀਆਂ ਗਈਆ ਹਨ।
ਇਹ ਕਾਰਵਾਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਵਪਾਰ ਨੂੰ ਰੋਕਣ ਲਈ ਚੱਲ ਰਹੇ ਮਿਸ਼ਨ ਦਾ ਹਿੱਸਾ ਹੈ।
ਮੀਡੀਆ ਨੂੰ ਵੇਰਵੇ ਦਿੰਦੇ ਹੋਏ ਜਲੰਧਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਹ ਕਾਰਵਾਈ ਜ਼ਿਲ੍ਹੇ ਭਰ ਵਿੱਚ ਚਾਰ ਐਸਪੀ-ਰੈਂਕ ਦੇ ਅਧਿਕਾਰੀਆਂ, ਬਾਰਾਂ ਡੀਐਸਪੀ ਅਤੇ 525 ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਨਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਪੁਲਿਸ ਟੀਮਾਂ ਦੁਆਰਾ ਕੁੱਲ 28 ਛਾਪੇ ਮਾਰੇ ਗਏ, ਜਿਸ ਦੌਰਾਨ 110 ਸ਼ੱਕੀਆਂ ਦੀ ਜਾਂਚ ਕੀਤੀ ਗਈ।
ਇਸ ਕਾਰਵਾਈ ਦੇ ਨਤੀਜੇ ਵਜੋਂ 19 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ ਦੋ ਭਗੌੜੇ ਅਪਰਾਧੀਆਂ ਸਮੇਤ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੁਆਰਾ ਲੋੜੀਂਦਾ ਇੱਕ 17 ਸਾਲਾ ਘੋਸ਼ਿਤ ਅਪਰਾਧੀ ਵੀ ਸ਼ਾਮਲ ਸੀ, ਜਿਸ ਵਿਰੁੱਧ ₹50,000 ਦਾ ਇਨਾਮ ਐਲਾਨਿਆ ਗਿਆ ਸੀ।
ਪੁਲਿਸ ਨੇ ਕਾਰਵਾਈ ਦੌਰਾਨ 2,907 ਨਸ਼ੀਲੀਆਂ ਗੋਲੀਆਂ, 200 ਖੁੱਲ੍ਹੇ ਕੈਪਸੂਲ ਅਤੇ 100 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ।
ਇਸ ਤੋਂ ਇਲਾਵਾ, 5 ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਪਾਰਟੀ ਨੇ ਇੱਕ ਆਲਟੋ ਕਾਰ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਵਰਤੇ ਗਏ ਤਿੰਨ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।
ਇਸ ਮੁਹਿੰਮ ਦੇ ਹਿੱਸੇ ਵਜੋਂ, 35 ਟ੍ਰੈਫਿਕ ਚਲਾਨ ਜਾਰੀ ਕੀਤੇ ਗਏ, ਅਤੇ ਨੌਂ ਮੋਟਰਸਾਈਕਲਾਂ ਨੂੰ ਜ਼ਬਤ ਕੀਤਾ ਗਿਆ ਹੈ।
