ਜਲੰਧਰ, 25 ਜੁਲਾਈ 2025 :- ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਚਲਾਏ ਜਾ ਰਹੇ ਜੀਵਨਜੋਤ ਪ੍ਰਾਜੈਕਟ 2.0 ਤਹਿਤ ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਇਥੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਦੀ ਅਗਵਾਈ ਵਿੱਚ ਕਿਊਰੋ ਮਾਲ, ਨਿੱਕੂ ਪਾਰਕ, ਗੀਤਾ ਮੰਦਿਰ ਮਾਡਲ ਟਾਊਨ ਅਤੇ ਬੱਸ ਸਟੈਂਡ ਵਿਖੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਕਿਊਰੋ ਮਾਲ ਇਲਾਕੇ ’ਚ ਭੀਖ ਮੰਗਦੇ 3 ਬੱਚੇ ਛੁਡਾਏ ਗਏ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਉਮਰ 5-6 ਸਾਲ ਦੇ ਕਰੀਬ ਹੈ, ਜਿਨ੍ਹਾਂ ਵਿੱਚ 2 ਲੜਕੇ ਅਤੇ ਇਕ ਲੜਕੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਮੈਡੀਕਲ ਕਰਵਾਉਣ ਉਪਰੰਤ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਨ ਤੋਂ ਬਾਅਦ ਨਾਰੀ ਨਿਕੇਤਨ ਵਿਖੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਮਾਪਿਆਂ ਦੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਬੱਚਾ ਭੀਖ ਮੰਗਦਾ ਜਾਂ ਬਾਲ ਮਜ਼ਦੂਰੀ ਕਰਦਾ ਮਿਲਦਾ ਹੈ ਤਾਂ ਉਸ ਦੀ ਸੂਚਨਾ ਚਾਈਲਡ ਲਾਈਨ 1098 ’ਤੇ ਦਿੱਤੀ ਜਾਵੇ। ਉਨ੍ਹਾਂ ਨਾਗਰਿਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਿਸੇ ਵੀ ਬੱਚੇ ਨੂੰ ਚੰਦ ਪੈਸੇ ਦੇ ਕੇ ਬਾਲ ਭਿੱਖਿਆ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ ਸਗੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਸਰਕਾਰ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਵਿੱਚ ਸਹਿਯੋਗ ਦਿੱਤਾ ਜਾਵੇ।
ਸ਼੍ਰੀ ਭਾਰਤੀ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਮਾਤਾ-ਪਿਤਾ ਬੱਚੇ ਤੋਂ ਭੀਖ ਮੰਗਵਾਉਂਦਾ ਪਾਇਆ ਗਿਆ ਤਾਂ ਮਾਪਿਆਂ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਬਾਲ ਭਿੱਖਿਆ ਰੋਕਣ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਪਹਿਲਾਂ ਵੀ ਛਾਪੇਮਾਰੀ ਕੀਤੀ ਗਈ ਹੈ।