Breaking
Thu. Oct 30th, 2025

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਕਰਵਾਏਗਾ ‘ਜਲੰਧਰ ਪ੍ਰੀਮੀਅਰ ਲੀਗ’

ਕੌਮੀ ਖੇਡ ਦਿਵਸ ਦੀ ਪੂਰਵ ਸੰਧਿਆ ‘ਤੇ 28 ਅਗਸਤ ਨੂੰ ਹੋਵੇਗੀ ਲੀਗ ਦੀ ਸ਼ੁਰੂਆਤ, ਵੱਖ-ਵੱਖ ਖੇਡਾਂ ਦੇ ਕਰਵਾਏ ਜਾਣਗੇ ਮੁਕਾਬਲੇ

ਜਲੰਧਰ, 17 ਅਗਸਤ 2025 :- ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ‘ਜਲੰਧਰ ਪ੍ਰੀਮੀਅਰ ਲੀਗ’ ਕਰਵਾਉਣ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ 28 ਅਗਸਤ ਨੂੰ ਕੌਮੀ ਖੇਡ ਦਿਵਸ ਦੀ ਪੂਰਵ ਸੰਧਿਆ ‘ਤੇ ਕੀਤੀ ਜਾਵੇਗੀ।
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ‘ਨਸ਼ਾ ਮੁਕਤ-ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਪ੍ਰੀਮੀਅਰ ਲੀਗ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ ‘ਜਲੰਧਰ ਪ੍ਰੀਮੀਅਰ ਲੀਗ’ ਦੌਰਾਨ ਵਾਲੀਬਾਲ, ਫੁੱਟਬਾਲ, ਬਾਸਕਟਬਾਲ, ਹੈਂਡਬਾਲ, ਜੂਡੋ, ਖੋ-ਖੋ, ਕਬੱਡੀ, ਕ੍ਰਿਕਟ, ਐਥਲੈਟਿਕਸ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰੀਮੀਅਰ ਲੀਗ ਸਬੰਧੀ ਸਮੁੱਚੇ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਏ ਜਾਣ।
ਉਨ੍ਹਾਂ ਦੱਸਿਆ ਕਿ ਲੀਗ ਦੀ ਸ਼ੁਰੂਆਤ ਕ੍ਰਿਕਟ ਮੈਚਾਂ ਨਾਲ ਹੋਵੇਗੀ, ਜੋ ਕਿ ਜ਼ਿਲ੍ਹਾ ਪੱਧਰ ’ਤੇ ਸਕੂਲਾਂ ਅਤੇ ਕ੍ਰਿਕਟ ਅਕੈਡਮੀਆਂ ਦੀਆਂ ਅੰਡਰ-19 ਟੀਮਾਂ ਦਰਮਿਆਨ ਕਰਵਾਏ ਜਾਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ ਜੂਡੋ, ਬਾਸਕਟਬਾਲ, ਖੋ-ਖੋ ਦੇ ਸਕੂਲਾਂ/ਕਾਲਜਾਂ ਦੇ ਅੰਡਰ-19 ਤੇ ਅੰਡਰ-25 ਉਮਰ ਵਰਗ ਦੇ ਮੁਕਾਬਲੇ ਹੋਣਗੇ।

ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਸਕੂਲਾਂ ਦੇ ਕਬੱਡੀ ਨੈਸ਼ਨਲ ਸਟਾਈਲ ਅੰਡਰ-17, ਹੈਂਡਬਾਲ ਅੰਡਰ-17 ਅਤੇ ਹਾਕੀ ਅੰਡਰ-17 ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਐਥਲੈਟਿਕਸ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿੱਚ ਪੁਰਸ਼ਾਂ ਦੇ 100 ਮੀਟਰ, 400 ਮੀਟਰ, 1500 ਮੀਟਰ ਅਤੇ 5000 ਮੀਟਰ ਈਵੈਂਟ, ਲਾਂਗ ਜੰਪ, ਸ਼ਾਰਟ ਪੁੱਟ ਅਤੇ ਜੈਵਲਿਨ ਥ੍ਰੋ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਮਹਿਲਾਵਾਂ ਦੇ 100 ਮੀਟਰ, 400 ਮੀਟਰ, 800 ਮੀਟਰ, 3000 ਮੀਟਰ ਈਵੈਂਟ ਅਤੇ ਲਾਂਗ ਜੰਪ, ਸ਼ਾਰਟ ਪੁੱਟ ਅਤੇ ਜੈਵਲਿਨ ਥ੍ਰੋ ਦੇ ਮੁਕਾਬਲੇ ਹੋਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਵਾਲੀਬਾਲ ਅਤੇ ਫੁੱਟਬਾਲ ਦੇ ਮੁਕਾਬਲੇ ਬਲਾਕ ਅਤੇ ਜ਼ਿਲ੍ਹਾ ਦੋਵਾਂ ਪੱਧਰਾਂ ’ਤੇ ਅੰਡਰ-19 ਤੇ ਅੰਡਰ-25 ਵਰਗਾਂ ਵਿੱਚ ਕਰਵਾਏ ਜਾਣਗੇ, ਜਿਸ ਵਿੱਚ ਕਾਲਜਾਂ ਦੇ ਵਿਦਿਆਰਥੀ ਅਤੇ ਕਲੱਬ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਵੱਖ-ਵੱਖ ਸਥਾਨਾਂ ’ਤੇ ਕਰਵਾਏ ਜਾਣਗੇ ਅਤੇ ਜੇਤੂਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਡਾ. ਅਗਰਵਾਲ ਨੇ ਕਿਹਾ ਕਿ ਜਲੰਧਰ ਪ੍ਰੀਮੀਅਰ ਲੀਗ ਲਈ ਐਂਟਰੀਆਂ 18 ਅਗਸਤ ਤੱਕ ਲਈਆਂ ਜਾਣਗੀਆਂ ਅਤੇ ਡਰਾਅ 22 ਅਗਸਤ ਨੂੰ ਕੱਢੇ ਜਾਣਗੇ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 86995-75095, 98146-10524 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ , ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਆਦਿ ਵੀ ਮੌਜੂਦ ਸਨ।

Related Post

Leave a Reply

Your email address will not be published. Required fields are marked *