- ਕਿਸਾਨਾਂ ਨੂੰ 22 ਕਰੋੜ ਰੁਪਏ ਦੀ ਹੋਈ ਅਦਾਇਗੀ
- ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ
ਜਲੰਧਰ, 1 ਅਕਤੂਬਰ 2025 :-ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਅੱਜ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਡਾ. ਅਗਰਵਾਲ ਨੇ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਬੀਤੇ ਦਿਨ ਤੱਕ 11,968 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 5315 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫੈਡ ਵਲੋਂ 4368 ਮੀਟਰਕ ਟਨ, ਪਨਸਪ ਵਲੋਂ 1326 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 698 ਮੀਟਰਕ ਟਨ, ਐਫ.ਸੀ.ਆਈ. ਵਲੋਂ 186 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 75 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਡਾ.ਅਗਰਵਾਲ ਨੇ ਅੱਗੇ ਦੱਸਿਆ ਕਿ ਹੁਣ ਤੱਕ ਮਿੱਥੇ ਸਮੇਂ ਦੇ ਵਿਚ ਕਿਸਾਨਾਂ ਨੂੰ ਖ਼ਰੀਦੇ ਗਏ ਝੋਨੇ ਦੀ 22 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਗਈ ਹੈ।
ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਨਮੀ ਦੀ ਮਾਤਰਾ ਦੇ ਅਨੁਸਾਰ ਝੋਨਾ ਮੰਡੀ ਵਿੱਚ ਲਿਆਂਦਾ ਜਾਵੇ, ਤਾਂ ਜੋ ਝੋਨੇ ਨੂੰ ਵੇਚਣ ਸਮੇਂ ਕਿਸਾਨਾਂ ਨੂੰ ਕਿਸੇ ਸਮੱਸਿਆ ਦਾ ਸਾਹਮਣ ਨਾ ਕਰਨਾ ਪਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਝੋਨੇ ਦੀ ਕਟਾਈ ਸਮੇਂ ਕੰਬਾਈਨ ’ਤੇ ਸੁਪਰ ਐਸ.ਐਮ.ਐਮ. ਦੀ ਵਰਤੋਂ ਕੀਤੀ ਜਾਵੇ ਅਤੇ ਝੋਨਾ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੱਟਿਆ ਜਾਵੇ।


