Breaking
Wed. Nov 19th, 2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜੇ ਦੇ ਮੌਕੇ ਨਗਰ ਕੀਰਤਨ

ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਨਗਰ ਕੀਰਤਨ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦੀ ਸਮੀਖਿਆ

ਨਗਰ ਕੀਰਤਨ ਦੇ ਰਸਤੇ ’ਤੇ ਲੰਗਰ ਸੇਵਾ ਦੇ ਨਾਲ-ਨਾਲ ਸੰਗਤ ਦੀ ਸੁਵਿਧਾ ਲਈ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

ਜਲੰਧਰ, 19 ਨਵੰਬਰ 2025 :- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350 ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ 21 ਨਵੰਬਰ ਨੂੰ ਜਲੰਧਰ ਵਿਖੇ ਪਹੁੰਚਣ ਵਾਲੇ ਨਗਰ ਕੀਰਤਨ ਦੇ ਵਿਸ਼ਰਾਮ ਅਤੇ ਸੰਗਤਾਂ ਦੇ ਠਹਿਰਾਅ ਸਬੰਧੀ ਪ੍ਰਬੰਧਾਂ ਦਾ ਅੱਜ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਇਜ਼ਾ ਲਿਆ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਹੋਈ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਨਵੰਬਰ ਨੂੰ ਗੁਰਦਾਸਪੁਰ ਤੋਂ ਆਰੰਭ ਹੋਣ ਵਾਲਾ ਨਗਰ ਕੀਰਤਨ 21 ਨਵੰਬਰ ਨੂੰ ਜਲੰਧਰ ਵਿੱਚ ਪ੍ਰਵੇਸ਼ ਕਰੇਗਾ ਅਤੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ 21 ਨਵੰਬਰ ਰਾਤ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਖੇ ਨਗਰ ਕੀਰਤਨ ਦਾ ਵਿਸ਼ਰਾਮ ਹੋਵੇਗਾ। ਇਸ ਮੌਕੇ ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਕਮਿਸ਼ਨਰ ਨਗਰ ਨਿਗਮ ਜਲੰਧਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਆਫ ਪੁਲਿਸ ਨਰੇਸ਼ ਡੋਗਰਾ ਵੀ ਮੌਜੂਦ ਸਨ।

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਜਲੰਧਰ ਦੇ ਵੱਖ-ਵੱਖ ਸਥਾਨਾਂ ਤੋਂ ਹੋ ਕੇ ਗੁਜ਼ਰਨ ਵਾਲੇ ਨਗਰ ਕੀਰਤਨ ਦੇ ਰਸਤਿਆਂ ’ਤੇ ਲੰਗਰ ਸੇਵਾ ਦੀਆਂ ਤਿਆਰੀਆਂ, ਮੈਡੀਕਲ ਸਹਾਇਤਾ, ਟ੍ਰੈਫਿਕ ਪ੍ਰਬੰਧਾਂ, ਸੁਰੱਖਿਆ ਅਤੇ ਸੰਗਤ ਦੇ ਠਹਿਰਾਅ ਸਬੰਧੀ ਇੰਤਜ਼ਾਮਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ਾ ਦਿੱਤੇ। ਉਨ੍ਹਾਂ ਸਪਸ਼ਟ ਕਿਹਾ ਕਿ ਧਾਰਮਿਕ ਮਹੱਤਤਾ ਵਾਲੇ ਇਸ ਸਮਾਗਮ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਪੂਰੇ ਰਸਤੇ ’ਤੇ ਸਾਫ-ਸਫਾਈ, ਲੰਗਰ ਦੀ ਵਿਵਸਥਾ, ਪੀਣ ਵਾਲੇ ਪਾਣੀ, ਸੁਰੱਖਿਆ, ਮੈਡੀਕਲ ਟੀਮਾਂ, ਟ੍ਰੈਫਿਕ ਕੰਟਰੋਲ, ਸਟ੍ਰੀਟ ਲਾਈਟਾਂ ਆਦਿ ਦੇ ਪ੍ਰਬੰਧ ਯਕੀਨੀ ਬਣਾਉਣ ਤੋਂ ਇਲਾਵਾ ਨਗਰ ਕੀਰਤਨ ਦੇ ਰਸਤੇ ’ਤੇ ਜੇਕਰ ਕਿਤੇ ਕੋਈ ਬਿਜਲੀ/ਟੈਲੀਕਾਮ ਆਦਿ ਦੀਆਂ ਨੀਵੀਂਆਂ ਤਾਰਾਂ ਲਟਕ ਰਹੀਆਂ ਹਨ, ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਖੇ ਨਗਰ ਕੀਰਤਨ ਦੇ ਵਿਸ਼ਰਾਮ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਨਿਰਵਿਘਨ ਬਿਜਲੀ ਸਪਲਾਈ, ਢੁੱਕਵੀਂ ਪਾਰਕਿੰਗ ਤੋਂ ਇਲਾਵਾ ਸੰਗਤ ਦੀ ਸੁਵਿਧਾ ਲਈ ਸਾਰੇ ਜ਼ਰੂਰੀ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਕੋਈ ਅਸੁਵਿਧਾ ਪੇਸ਼ ਨਾ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਅਤੇ ਸੁਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ।

Related Post

Leave a Reply

Your email address will not be published. Required fields are marked *