Breaking
Thu. Feb 26th, 2026

ਇਕ ਹਜ਼ਾਰ ਤੋਂ ਵੱਧ ਕੁੱਤਿਆਂ ਦੀ ਨਸਬੰਦੀ, ਜਲੰਧਰ ਦੇ ਵਾਰਡ ਨੰ. 10 ਤੇ 11 ’ਚ ਸਟਰਲਾਈਜ਼ੇਸ਼ਨ ਪ੍ਰਾਜੈਕਟ ਹੋਇਆ ਮੁਕੰਮਲ

ਸੜਕਾਂ ’ਤੇ ਪਸ਼ੂਆਂ ਨੂੰ ਛੱਡਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਡੇਅਰੀ ਫਾਰਮਰਾਂ ਨੂੰ ਐਸ.ਪੀ.ਸੀ.ਏ. ਦਾ ਲਾਈਫ਼ ਮੈਂਬਰ ਬਣ ਕੇ ਸਰਕਾਰ ਨੂੰ ਸਹਿਯੋਗ ਦੇਣ ਲਈ ਕਿਹਾ

ਨਗਰ ਨਿਗਮ ਅਧਿਕਾਰੀਆਂ ਨੂੰ ਕਰਤਾਰਪੁਰ ਵਿਖੇ ਨਵੀਂ ਗਊਸ਼ਾਲਾ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼

ਜਲੰਧਰ, 7 ਦਸੰਬਰ 2025 :– ਨਗਰ ਨਿਗਮ ਵੱਲੋਂ ਪਿਛਲੇ ਕੁਝ ਮਹੀਨਿਆਂ ਵਿੱਚ ਐਨੀਮਲ ਬਰਥ ਕੰਟਰੋਲ (ਏ.ਬੀ.ਸੀ.) ਪ੍ਰੋਗਰਾਮ ਤਹਿਤ ਵਾਰਡ 10 ਅਤੇ 11 ਵਿੱਚ ਆਵਾਰਾ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਸਫ਼ਲਤਾਪੂਰਵਕ ਪੂਰੀ ਕਰ ਲਈ ਗਈ ਹੈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਐਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਨਵਰਾਂ ਅਤੇ ਨਾਗਰਿਕਾਂ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ।
ਡਾ. ਅਗਰਵਾਲ ਨੇ ਦੱਸਿਆ ਕਿ ਦੋਵਾਂ ਵਾਰਡਾਂ ਵਿੱਚ ਕੁੱਲ 1,017 ਆਵਾਰਾ ਕੁੱਤੇ ਸਟਰਲਾਈਜ਼ ਕੀਤੇ ਗਏ ਹਨ। ਇਹ ਮੁਹਿੰਮ ਹੁਣ ਵਾਰਡ 8 ਅਤੇ 9 ਵਿੱਚ ਸ਼ੁਰੂ ਕੀਤੀ ਗਈ ਹੈ ਅਤੇ ਪ੍ਰਸ਼ਾਸਨ ਦਾ ਉਦੇਸ਼ ਆਵਾਰਾ ਕੁੱਤਿਆਂ ਦੀ ਆਬਾਦੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਲਈ ਇਸ ਪ੍ਰੋਗਰਾਮ ਨੂੰ ਸ਼ਹਿਰ ਦੇ ਹਰੇਕ ਵਾਰਡ ਵਿੱਚ ਲਾਗੂ ਕਰਨਾ ਹੈ।
ਇਸ ਦੇ ਨਾਲ ਹੀ, ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀਆਂ ਸੜਕਾਂ ਤੋਂ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਤਬਦੀਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਵਿੱਚ 70 ਤੋਂ ਵੱਧ ਬੇਸਹਾਰਾ ਪਸ਼ੂ ਗਊਸ਼ਾਲਾਵਾਂ ਵਿੱਚ ਭੇਜੇ ਗਏ ਹਨ, ਜਿਸ ਨਾਲ ਯਾਤਰੀਆਂ ਅਤੇ ਪਸ਼ੂਆਂ ਦੋਵਾਂ ਦੀ ਸੁਰੱਖਿਆ ਯਕੀਨੀ ਬਣੀ ਹੈ, ਖਾਸ ਕਰ ਨੇੜੇ ਆ ਰਹੇ ਧੁੰਦ ਦੇ ਮੌਸਮ ਦੌਰਾਨ। ਉਨ੍ਹਾਂ ਹੋਰ ਪਸ਼ੂਆਂ ਦੇ ਰੱਖ-ਰਖਾਅ ਲਈ ਨਗਰ ਨਿਗਮ ਅਧਿਕਾਰੀਆਂ ਨੂੰ ਕਰਤਾਰਪੁਰ ਗਊਸ਼ਾਲਾ ਵਿਖੇ ਪੈਂਡਿੰਗ ਕੰਮਾਂ ਅਤੇ ਕੰਨੀਆਂ ਕਲਾਂ ਗਊਸ਼ਾਲਾ ਦੇ ਵਿਸਥਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਡਾ. ਅਗਰਵਾਲ ਨੇ ਪੀ.ਐਸ.ਪੀ.ਸੀ.ਐਲ., ਤੇਲ ਕੰਪਨੀਆਂ ਅਤੇ ਆਬਕਾਰੀ ਵਿਭਾਗ ਨੂੰ ਗਊਸ਼ਾਲਾਵਾਂ ਦੇ ਸਹੀ ਰੱਖ-ਰਖਾਅ ਲਈ ਸਥਾਨਕ ਅਥਾਰਟੀ ਨੂੰ ਗਊ ਸੈੱਸ ਸਮੇਂ ਸਿਰ ਜਮ੍ਹਾ ਕਰਵਾਉਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਡੇਅਰੀ ਫਾਰਮਰਾਂ ਨੂੰ ਐਸ.ਪੀ.ਸੀ.ਏ. ਦੇ ਲਾਈਫ਼ ਮੈਂਬਰ ਬਣਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਬੇਸਹਾਰਾ ਪਸ਼ੂਆਂ ਨੂੰ ਸੜਕਾਂ ‘ਤੇ ਛੱਡਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਚਲਾਈਆਂ ਜਾਂਦੀਆਂ ਗਊਸ਼ਾਲਾਵਾਂ ਨੂੰ ਸੌਂਪ ਦੇਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਵਟਸਐਪ ਐਕਸ਼ਨ ਹੈਲਪਲਾਈਨ 96462–22555 ‘ਤੇ ਬੇਸਹਾਰਾ ਪਸ਼ੂਆਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ ਅਤੇ ਜਨਤਾ ਨੂੰ ਸਮੇਂ ਸਿਰ ਸਹਾਇਤਾ ਲਈ ਹੈਲਪਲਾਈਨ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

Related Post

Leave a Reply

Your email address will not be published. Required fields are marked *