ਜਲੰਧਰ, 24 ਮਈ 2026 :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਤਹਿਤ ਚੋਣ ਪ੍ਰਕਿਰਿਆ ਸ਼ਾਂਤਮਈ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ ਮਿਤੀ 26-05-2026 ਨੂੰ ਜ਼ਿਲ੍ਹਾ ਜਲੰਧਰ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ ’ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ।
ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ’ਤੇ ਤਾਇਨਾਤ ਆਬਜ਼ਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਂਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪ੍ਰਚਾਰ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦਾ ਪੋਸਟਰ/ਬੈਨਰ ਆਦਿ ਨਹੀਂ ਲਗਾਇਆ ਜਾਵੇਗਾ।
ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਆਦਿ ਨਹੀਂ ਲਗਾਏਗਾ। ਕੋਈ ਵੀ ਵਿਅਕਤੀ, ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ, ਜਲੰਧਰ ਜਾਂ ਸਬੰਧਿਤ ਹਲਕੇ ਦੇ ਰਿਟਰਨਿੰਗ ਅਫ਼ਸਰ ਵਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ।
ਵੋਟਰ ਫੋਟੋ ਸ਼ਨਾਖ਼ਤੀ ਕਾਰਡ ਨਾ ਹੋਣ ’ਤੇ 15 ਬਦਲਵੇਂ ਦਸਤਾਵੇਜ਼ ਦਿਖਾ ਕੇ ਪਾਈ ਜਾ ਸਕੇਗੀ ਵੋਟ
- ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਕੀਤੀ ਅਪੀਲ
- ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ, ਗਿਣਤੀ 29 ਨੂੰ
ਜਲੰਧਰ, 24 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਵੋਟਾਂ 26 ਮਈ 2026 ਨੂੰ ਪੈਣਗੀਆਂ।
ਉਨ੍ਹਾਂ ਦੱਸਿਆ ਕਿ ਵੋਟਾਂ ਲਈ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਵੋਟਰ ਫੋਟੋ ਸ਼ਨਾਖਤੀ ਕਾਰਡ ਤੋਂ ਇਲਾਵਾ 15 ਹੋਰ ਬਦਲਵੇਂ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਫੋਟੋ ਸ਼ਨਾਖਤੀ ਕਾਰਡ ਨਹੀਂ ਹੈ ਪਰ ਵਾਰਡ ਵਾਈਜ਼ ਵੋਟਰ ਸੂਚੀ ਵਿੱਚ ਨਾਮ ਦਰਜ ਹੈ, ਉਹ ਬਦਲਵੇਂ ਦਸਤਾਵੇਜ਼ ਦਿਖਾ ਕੇ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਸਤਾਵੇਜ਼ਾਂ ਵਿੱਚ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ ਸਮੇਤ ਫੋਟੋ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਹਥਿਆਰ ਲਾਇਸੈਂਸ ਸਮੇਤ ਫੋਟੋ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋ, ਫਰੀਡਮ ਫਾਈਟਰ ਪਹਿਚਾਣ ਕਾਰਡ ਸਮੇਤ ਫੋਟੋ, ਕਿਸੇ ਵੀ ਬੈਂਕ/ਡਾਕਖਾਨੇ ਵਲੋਂ ਜਾਰੀ ਪਾਸ ਬੁੱਕ ਫੋਟੋ ਸਮੇਤ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਇਨਸ਼ੋਰੈਂਸ ਸਮਾਰਟ ਕਾਰਡ, ਐਮ.ਪੀਜ਼ ਅਤੇ ਐਮ.ਐਲ.ਏਜ਼ ਨੂੰ ਜਾਰੀ ਆਫੀਸ਼ੀਅਲ ਪਹਿਚਾਣ ਕਾਰਡ, ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਯੂ.ਡੀ.ਆਈ.ਡੀ. ਕਾਰਡ, ਕੇਂਦਰੀ/ਰਾਜ ਸਰਕਾਰ/ਪੀ.ਐਸ.ਯੂਜ਼./ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਸਰਵਿਸ ਪਹਿਚਾਣ ਕਾਰਡ ਸਮੇਤ ਫੋਟੋ ਅਤੇ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਨੂੰ ਜਾਰੀ ਫੋਟੋ ਪਹਿਚਾਣ ਕਾਰਡ ਸ਼ਾਮਲ ਹਨ।
ਸ਼੍ਰੀ ਵਾਲੀਆ ਨੇ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਗਏ ਹਨ। ਉਨ੍ਹਾਂ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਵਧ-ਚੜ੍ਹ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।