ਕਮੇਟੀ ਦਾ ਗਠਨ; ਜਲਦ ਤੋਂ ਜਲਦ ਮੰਗੀ ਰਿਪੋਰਟ, ਪ੍ਰਬੰਧਕਾਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਸ਼ੁਰੂ
ਜਲੰਧਰ, 20 ਜੂਨ 2026 :- ਫਿਲੌਰ ਵਿਖੇ ਇੱਕ ਧਾਰਮਿਕ ਮੇਲੇ ਦੌਰਾਨ ਝੂਲੇ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਘਟਨਾ ਦੀ ਵਿਸਥਾਰਤ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਘਟਨਾ ਵਿੱਚ ਝੂਲੇ ਵਿੱਚ ਖ਼ਰਾਬੀ ਕਾਰਨ ਕਈ ਵਿਅਕਤੀ ਜ਼ਖਮੀ ਹੋ ਗਏ।
ਐਸ.ਡੀ.ਐਮ. ਸਿਮਰਨਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਹਾਦਸੇ ਦੇ ਕਾਰਨਾਂ ਅਤੇ ਪ੍ਰਬੰਧਕਾਂ ਦੀ ਤਰਫ ਤੋਂ ਹੋਈ ਕਿਸੇ ਵੀ ਕੁਤਾਹੀ ਦੀ ਜਾਂਚ ਕਰਨ ਦਾ ਕੰਮ ਸੌਂਪਿਆ ਗਿਆ ਹੈ। ਕਮੇਟੀ ਇਹ ਵੀ ਜਾਂਚ ਕਰੇਗੀ ਕਿ ਕੀ ਇਹ ਸਮਾਗਮ ਕਰਵਾਉਣ ਲਈ ਸਮਰੱਥ ਅਥਾਰਟੀ ਤੋਂ ਲੋੜੀਂਦੀ ਪ੍ਰਵਾਨਗੀ ਲਈ ਗਈ ਸੀ।
ਐਸ.ਡੀ.ਐਮ. ਨੇ ਕਿਹਾ ਕਿ ਸਥਾਨਕ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਲਈ ਜ਼ਿੰਮੇਵਾਰ ਜਾਂ ਲਾਪ੍ਰਵਾਹੀ ਵਰਤਣ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕਮੇਟੀ ਨਿਰਧਾਰਤ ਸਮੇਂ ਦੇ ਅੰਦਰ ਆਪਣੀ ਵਿਸਥਾਰਥ ਰਿਪੋਰਟ ਪੇਸ਼ ਕਰੇਗੀ।
ਇਸ ਦੌਰਾਨ, ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਐਸ.ਡੀ.ਐਮ. ਨੇ ਕਿਹਾ ਕਿ ਸਿਹਤ ਵਿਭਾਗ ਨੂੰ ਘਟਨਾ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੀ ਉਚਿਤ ਡਾਕਟਰੀ ਦੇਖਭਾਲ ਅਤੇ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਨਤਕ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕਰੇਗਾ ਅਤੇ ਮਾਮਲੇ ਵਿੱਚ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।