ਸਰਬਜੀਤ ਕੌਰ ਦੀ ਨਣਦ ਫਰਾਰ ਪੁਲਿਸ ਕਰ ਰਹੀ ਹੈ ਪਿੱਛਾ
ਸਹੁਰੇ ਪਰਿਵਾਰ ਤੋਂ ਪਰੇਸ਼ਾਨ ਹੋ ਕੇ ਕੱਲ੍ਹ ਵਿਆਹੁਤਾ ਸਰਬਜੀਤ ਕੌਰ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ, ਇਸ ਘਟਨਾ ਸਬੰਧੀ ਕਾਰਵਾਈ ਕਰਦਿਆਂ ਥਾਣਾ ਨੂਰਮਹਿਲ ਪੁਲਿਸ ਵੱਲੋਂ ਇਸ ਮਾਮਲੇ ਦੇ 4 ਨਾਮਜ਼ਦ ਦੋਸ਼ੀਆਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਗੁਰਮੀਤ ਰਾਮ ਨੇ ਦੱਸਿਆ ਕਿ ਮ੍ਰਿਤਕਾ ਸਰਬਜੀਤ ਕੌਰ ਦੇ ਭਰਾ ਜੈ ਚੰਦ ਪੁੱਤਰ ਸੁੱਖ ਰਾਮ, ਵਾਸੀ ਰਵਿਦਾਸ ਨਗਰ, ਬੂਟਾ ਮੰਡੀ, ਜਲੰਧਰ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਦਰਜ ਕੀਤਾ ਗਿਆ ਸੀ । ਸ਼ਿਕਾਇਤ ਕਰਤਾ ਅਨੁਸਾਰ ਸਰਬਜੀਤ ਕੌਰ ਨੂੰ ਉਸ ਦਾ ਸਹੁਰਾ ਪਰਿਵਾਰ ਲਗਾਤਾਰ ਤੰਗ ਪੇਸ਼ਾਨ ਕਰਦਾ ਆ ਰਿਹਾ ਸੀ। ਜਿਸ ਤੋਂ ਦੁਖੀ ਹੋ ਕੇ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਸ਼ਿਕਾਇਤ ਦੇ ਆਧਾਰ ‘ਤੇ ਮ੍ਰਿਤਕਾ ਦੇ ਪਤੀ ਬਲਵਿੰਦਰ ਕੁਮਾਰ, ਸਹੁਰਾ ਅਮਰਜੀਤ, ਸੱਸ ਜਗੀਰੋ ਅਤੇ ਨਣਦ ਨੀਲੋ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਤੀ ਬਲਵਿੰਦਰ ਕੁਮਾਰ, ਸਹੁਰਾ ਅਮਰਜੀਤ ਅਤੇ ਸੱਸ ਜਗੀਰੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਫ਼ਰਾਰ ‘ਨਣਦ ਨੀਲੋ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦਾ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੇਕੇ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ ਹੈ।
