Breaking
Wed. Jul 29th, 2026

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 29 ਜੁਲਾਈ 2026 :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਸੁਲਤਾਨਪੁਰ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਇੱਕ ਈਟੀਟੀ ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ ਸਬੰਧੀ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ।

ਬੀਪੀਈਓ ਦਫ਼ਤਰ ਵਿਖੇ, ਉਹ ਦੋਸ਼ੀ ਕਲਰਕ ਨੂੰ ਮਿਲਿਆ, ਜਿਸਨੇ ਬਾਅਦ ਵਿੱਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਅਤੇ ਉਸ ਦੀ ਪਤਨੀ ਦੀ ਚਾਈਲਡ ਕੇਅਰ ਲੀਵ ਮਨਜ਼ੂਰ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੇ ਪੈਸੇ ਬਰਾਮਦ ਕੀਤੇ।

ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

By admin

Related Post

Leave a Reply

Your email address will not be published. Required fields are marked *