ਘਰ-ਘਰ ਸਰਵੇ ਪੜਾਅ ਨੇਪਰੇ ਚੜ੍ਹਿਆ, 13 ਅਗਸਤ ਤੋਂ 12 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਤੇ ਇਤਰਾਜ਼
ਜਲੰਧਰ, 7 ਅਗਸਤ 2026 :- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਦੇ ਪਹਿਲੇ ਪੜਾਅ ‘ਘਰ-ਘਰ ਸਰਵੇ’ ਦੇ ਮੁਕੰਮਲ ਹੋਣ ਉਪਰੰਤ ਅੱਜ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਘਰ-ਘਰ ਸਰਵੇ’ ਪੜਾਅ ਦਾ ਕੰਮ 3 ਅਗਸਤ 2026 ਤੱਕ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 16,49,946 ਵੋਟਰਾਂ ਵਿੱਚੋਂ 14,64,949 ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਕਰਕੇ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ। 1,84,997 ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ, ਜਿਨ੍ਹਾਂ ਵਿੱਚ 50,520 ਵੋਟਰ ਮ੍ਰਿਤਕ, 94,356 ਵੋਟਰ ਹੋਰ ਥਾਵਾਂ ‘ਤੇ ਤਬਦੀਲ, 8961 ਡੁਪਲੀਕੇਟ ਐਂਟਰੀਆਂ, 30157 ਐਬਸੈਂਟ ਜਾਂ ਅਨਟ੍ਰੇਸਏਬਲ ਵੋਟਰ ਅਤੇ 1003 ਹੋਰ ਕਾਰਨਾਂ ਵਾਲੀਆਂ ਸ਼੍ਰੇਣੀਆਂ ਵਿੱਚ ਪਾਏ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 13 ਅਗਸਤ ਨੂੰ ਹੋਵੇਗੀ ਅਤੇ ਜੇਕਰ ਕਿਸੇ ਦਾ ਨਾਮ ਡ੍ਰਾਫਟ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ ਤਾਂ ਉਹ 13 ਅਗਸਤ ਤੋਂ 12 ਸਤੰਬਰ ਤੱਕ ਫਾਰਮ ਨੰਬਰ 6 ਭਰ ਕੇ ਵੋਟ ਲਈ ਆਪਣੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਆਪਣੇ ਬੂਥ ਲੈਵਲ ਅਫ਼ਸਰ ਕੋਲ ਦੁਬਾਰਾ ਦਾਅਵਾ ਪੇਸ਼ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਵੋਟਰ ਸੂਚੀ ਦੀ ਕਾਪੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਇਹ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਵੀ ਉਪਲੱਬਧ ਹੋਵੇਗੀ।
ਸ਼੍ਰੀ ਵਾਲੀਆ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੀ ਵੋਟ ਅਨਮੈਪਡ (Unmapped) ਰਹਿ ਗਈ ਹੈ, ਉਨ੍ਹਾਂ ਨੂੰ 13 ਅਗਸਤ ਤੋਂ ਨੋਟਿਸ ਭੇਜੇ ਜਾਣਗੇ। ਜਿਨ੍ਹਾਂ ਵੋਟਰਾਂ ਨੂੰ ਨੋਟਿਸ ਜਾਵੇਗਾ, ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਲੋੜੀਂਦੇ ਦਸਤਾਵੇਜ਼ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਪਾਸ ਜਮ੍ਹਾ ਕਰਵਾਉਣੇ ਹੋਣਗੇ ਅਤੇ ਇਸ ਉਪਰੰਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸੁਣਵਾਈ ਕਰਕੇ ਆਪਣਾ ਆਰਡਰ ਪਾਸ ਕਰਨਗੇ ਅਤੇ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਉਨ੍ਹਾਂ ਇਹ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਪਹਿਲਾਂ 1926 ਪੋਲਿੰਗ ਬੂਥ ਸਨ ਅਤੇ ਹੁਣ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਰੈਸ਼ਨੇਲਾਈਜੇਸ਼ਨ ਉਪਰੰਤ ਜ਼ਿਲ੍ਹੇ ਵਿੱਚ 1997 ਪੋਲਿੰਗ ਬੂਥ ਹੋ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਦੇ ਅਗਲੇ ਪੜਾਅ ਵਿੱਚ ਵੀ ਪਹਿਲਾਂ ਦੀ ਤਰ੍ਹਾਂ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ, ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
