ਕਿਹਾ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਾ ਰਹੇ
ਜਲੰਧਰ, 4 ਸਤੰਬਰ : ਡਵੀਜ਼ਨਲ ਕਮਿਸ਼ਨਰ ਜਲੰਧਰ ਸ਼੍ਰੀ ਰਾਮਵੀਰ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ-2026 ਸਬੰਧੀ ਜਲੰਧਰ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਵੱਲੋਂ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਸਮੇਤ ਐਮ.ਪੀ./ ਐਮ.ਐਲ.ਏਜ਼. ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਰਾਮਵੀਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਲੰਧਰ ਦਾ ਕੋਈ ਵੀ ਯੋਗ ਨਾਗਰਿਕ, ਵੋਟਰ ਸੂਚੀ ਤੋਂ ਬਾਹਰ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਜੇਕਰ ਕਿਸੇ ਯੋਗ ਨਾਗਰਿਕ ਦਾ ਨਾਮ ਡ੍ਰਾਫ਼ਟ ਵੋਟਰ ਸੂਚੀ ਵਿੱਚੋਂ ਬਾਹਰ ਰਹਿ ਗਿਆ ਹੈ ਜਾਂ ਕੋਈ ਆਪਣੀ ਨਵੀਂ ਵੋਟ ਬਣਵਾਉਣਾ ਚਾਹੁੰਦਾ ਹੈ ਤਾਂ ਉਹ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਫਾਰਮ ਭਰਕੇ ਸਮੇਤ ਲੋੜੀਂਦੇ ਦਸਤਾਵੇਜ਼ਾਂ ਦੇ ਆਪਣੇ ਬੀ.ਐਲ.ਓ ਨਾਲ 12 ਸਤੰਬਰ 2026 ਤੱਕ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜਲੰਧਰ ਦੇ ਸਮੂਹ 1997 ਪੋਲਿੰਗ ਸਟੇਸ਼ਨਾਂ ’ਤੇ 6 ਸਤੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਥੇ ਬੀ.ਐਲ.ਓਜ਼ ਮੌਜੂਦ ਰਹਿ ਕੇ ਨਾਗਰਿਕਾਂ ਤੇ ਵੋਟਰਾਂ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟਾਂ ਨੂੰ ਇਸ ਕੈਂਪ ਸਬੰਧੀ ਸੂਚਿਤ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਦਾਅਵਿਆਂ ਤੇ ਇਤਰਾਜ਼ਾਂ ਦੇ ਕੰਮ ਵਿੱਚ ਬੀ.ਐਲ.ਓਜ਼ ਨੂੰ ਸਹਿਯੋਗ ਦੇ ਸਕਣ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਐਸ.ਆਈ.ਆਰ. ਦਾ ਮੁੱਖ ਉਦੇਸ਼ ਸ਼ੁੱਧ, ਸਹੀ ਅਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ, ਵੋਟਰ ਸੇਵਾਵਾਂ ਅਤੇ ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਜਿਹੜਾ ਨਾਗਰਿਕ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਹੈ, ਉਹ 12 ਸਤੰਬਰ 2026 ਤੱਕ ਫਾਰਮ ਨੰਬਰ 6 ਦੇ ਨਾਲ ਘੋਸ਼ਣਾ ਪੱਤਰ ਜਮ੍ਹਾ ਕਰਵਾ ਸਕਦਾ ਹੈ। ਇਸੇ ਤਰ੍ਹਾਂ ਫਾਰਮ 6 ਏ (ਐਨ.ਆਰ.ਆਈ. ਵੋਟਰਾਂ ਦੀ ਰਜਿਸਟ੍ਰੇਸ਼ਨ ਲਈ), ਫਾਰਮ 7 (ਨਾਮ ਕਟਵਾਉਣ ਲਈ) ਅਤੇ ਫਾਰਮ 8 (ਸੋਧ ਅਤੇ ਇੱਕ ਸਥਾਨ ਤੋਂ ਦੂਜੇ ਸਥਾਨ ’ਤੇ ਤਬਦੀਲੀ ਲਈ) ਵੀ ਉਕਤ ਸਮੇਂ ਦੌਰਾਨ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ ਪ੍ਰਾਪਤ ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12.10.2026 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਸਹੂਲਤ ਅਨੁਸਾਰ ਇਹ ਫਾਰਮ ਨੰਬਰ ਆਨਲਾਈਨ voters.eci.gov.in ਤੇ ਜਾਂ ECINET Mobile App ’ਤੇ ਵੀ ਭਰ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਨੋਟਿਸ ਪੜਾਅ ਦੌਰਾਨ ਮੈਪ ਨਾ ਹੋਣ ਵਾਲੇ ਅਤੇ ਅਨਾਮਲੀਜ਼ (ਕਮੀਆਂ-ਪੇਸ਼ੀਆਂ) ਵਾਲੇ ਵੋਟਰਾਂ ਨੂੰ 13 ਅਗਸਤ 2026 ਤੋਂ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਬੀ.ਐਲ.ਓਜ਼ ਵੱਲੋਂ ਦਸਤਾਵੇਜ਼ ਵੀ ਇਕੱਤਰ ਕੀਤੇ ਜਾ ਰਹੇ ਹਨ। ਨੋਟਿਸਾਂ ਦੀ ਸੁਣਵਾਈ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਸਾਰੇ ਨੋਟਿਸਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਣਾ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਸਿਵ ਰਵੀਜ਼ਨ ਬਾਰੇ ਜਾਣਕਾਰੀ ਰੋਲ ਆਬਜ਼ਰਵਰ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਐਸ.ਆਈ.ਆਰ. ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਯਤਨਸ਼ੀਲ ਹੈ। ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਡਾ. ਦੀਪਕ ਰਾਜ, ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ, ਇੰਡੀਅਨ ਨੈਸ਼ਨਲ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।
