ਕੇਂਦਰ ਨੇ ਪਰਚੇ ਰੱਦ ਕਰਨ ਅਤੇ ਲਖੀਮਪੁਰ ਖੀਰੀ ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਸਵੀਕਾਰੀ
ਚੰਡੀਗੜ੍ਹ ਵਿਚ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਦੂਸਰੇ ਗੇੜ ਦੀ ਮੀਟਿੰਗ ਲਗਭਗ 5 ਘੰਟੇ ਚੱਲੀ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਚੰਡੀਗੜ੍ਹ ਦੀ ਮੀਟਿੰਗ ਵਿਚ ਕਿਸਾਨਾਂ ਤੇ ਸਰਕਾਰ ਵਿਚਾਲੇ ਕਈ ਮੰਗਾਂ ‘ਤੇ ਸਹਿਮਤੀ ਬਣ ਗਈ ਹੈ। ਜਦੋਂ ਕਿ ਕੁਝ ਮੰਗਾਂ ‘ਤੇ ਅਜੇ ਵੀ ਪੇਚ ਅੜਿਆ ਹੋਇਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ‘ਤੇ ਕੀਤੇ ਪਰਚੇ ਰੱਦ ਕਰਨ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ ਤੇ ਨਾਲ ਹੀ ਲਖੀਮਪੁਰ ਖੀਰੀ ਮਾਮਲੇ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਨੂੰ ਵੀ ਮਨਜ਼ੂਰ ਕਰ ਲਿਆ ਗਿਆ ਹੈ ਪਰ ਕੁਝ ਮੰਗਾਂ ਨੂੰ ਅਜੇ ਵੀ ਸਵੀਕਾਰ ਨਹੀਂ ਕੀਤਾ ਗਿਆ ਜਿਸ ਕਰਕੇ ਕਿਸਾਨ ਸਵੇਰੇ 10 ਵਜੇ ਦਿੱਲੀ ਵੱਲ ਕੂਚ ਕਰਨਗੇ।
ਕਿਸਾਨ ਆਗੂ ਸਤਨਾਮ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲਿਆ ਹੈ। ਸਾਡੇ ਅੰਦੋਲਨ ਨੂੰ ਘੁਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸਾਡੀਆਂ ਮੰਗਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ।
ਮੀਟਿੰਗ ‘ਚ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਵਲੋਂ ਕੇਂਦਰੀ ਮੰਤਰੀ ਪੀਯੁਸ਼ ਗੋਇਲ, ਅਰਜੁਨ ਮੁੰਡਾ ਅਤੇ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਆਦਿ ਸ਼ਾਮਿਲ ਸਨ।
