Breaking
Fri. Oct 31st, 2025

ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ

ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ, ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾ

ਜਲੰਧਰ, 23 ਜੁਲਾਈ 2024- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ 2024 ਨੂੰ ਜ਼ਿਲ੍ਹਾ ਪੱਧਰ ’ਤੇ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਨੇ ਅੱਜ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਏ.ਡੀ.ਸੀ. ਮੇਜਰ ਡਾ. ਅਮਿਤ ਮਹਾਜਨ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਸਮਾਰੋਹ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਕੈਡਿਟਸ ਅਤੇ ਸਕਾਊਟਸ ਤੇ ਗਰਲ ਗਾਈਡਜ਼ ਵੱਲੋਂ ਮਾਰਚ ਪਾਸਟ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਕਾਸ ਤੇ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।
ਆਜ਼ਾਦੀ ਦਿਹਾੜੇ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਫਾਈ, ਸਜਾਵਟ, ਪੀਣ ਵਾਲੇ ਪਾਣੀ, ਬੈਠਣ ਦੇ ਇੰਤਜ਼ਾਮ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ, ਫਾਇਰ ਬ੍ਰਿਗੇਡ ਆਦਿ ਸਮੇਤ ਸਾਰੇ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਕੀਤੇ ਜਾਣੇ ਚਾਹੀਦੇ ਹਨ। ਸਮਾਗਮ ਵਿੱਚ ਲੋਕਾਂ ਦੀ ਆਮਦ ਨੂੰ ਦੇਖਦੇ ਹੋਏ ਉਨ੍ਹਾਂ ਦੀ ਸੁਖਾਲੀ ਐਂਟਰੀ, ਟ੍ਰੈਫਿਕ ਰੂਟ ਪਲਾਨ, ਪਾਰਕਿੰਗ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਤਰ੍ਹਾਂ ਦੀ ਟ੍ਰੈਫਿਕ ਸਮੱਸਿਆ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰਾਸ਼ਟਰੀ ਮਹੱਤਵ ਵਾਲੇ ਇਸ ਸਮਾਗਮ ਵਿੱਚ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ।
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਮੌਕੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਇਸ ਸਬੰਧੀ ਨਾਵਾਂ ਦੀਆਂ ਸੂਚੀਆਂ 7 ਅਗਸਤ ਤੱਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Related Post

Leave a Reply

Your email address will not be published. Required fields are marked *