ਅਧਿਕਾਰੀਆਂ ਨੂੰ ਕੈਂਪ ’ਚ ਪ੍ਰਾਪਤ ਦਰਖਾਸਤਾਂ ਦਾ ਤਰਜੀਹ ਦੇ ਆਧਾਰ ’ਤੇ ਨਿਪਟਾਰਾ ਕਰਨ ਦੀਆਂ ਹਦਾਇਤਾਂ
ਯੋਗ ਬਿਨੈਕਾਰਾਂ ਨੂੰ ਸਰਕਾਰੀ ਸੇਵਾਵਾਂ ਦਾਓ
ਕਰਤਾਰਪੁਰ/ਜਲੰਧਰ, 1 ਅਗਸਤ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਉਪਰਾਲੇ ਤਹਿਤ ਅੱਜ ਇਥੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੈਂਪਾਂ ਵਿੱਚ ਪ੍ਰਾਪਤ ਦਰਖਾਸਤਾਂ ਦਾ ਤਰਜੀਹ ਦੇ ਆਧਾਰ ’ਤੇ ਨਿਪਟਾਰਾ ਕਰਦਿਆਂ ਯੋਗ ਬਿਨੈਕਾਰਾਂ ਨੂੰ ਸਰਕਾਰੀ ਸੇਵਾਵਾਂ ਦਾ ਜਲਦ ਤੋਂ ਜਲਦ ਲਾਭ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵੱਖ-ਵੱਖ ਸਰਕਾਰੀ ਵਿਭਾਗਾਂ/ਦਫ਼ਤਰਾਂ ਨਾਲ ਸਬੰਧਤ ਮਸਲਿਆਂ ਦੇ ਢੁੱਕਵੇਂ ਹੱਲ ਨੂੰ ਯਕੀਨੀ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਮਸਲੇ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਪੁੱਜ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਲਈ ਬਹੁਤ ਲਾਹੇਵੰਦ ਸਾਬਿਤ ਹੋ ਰਹੀ ਹੈ, ਜਿਸ ਸਦਕਾ ਉਨ੍ਹਾਂ ਦੇ ਪੈਸੇ ਅਤੇ ਸਮੇਂ ਦੋਵਾਂ ਦੀ ਬੱਚਤ ਹੋ ਰਹੀ ਹੈ ਕਿਉਂਜੋ ਹੁਣ ਉਨ੍ਹਾਂ ਨੂੰ ਆਪਣੇ ਪ੍ਰਸ਼ਾਸਨਿਕ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਬਹੁਤੀ ਲੋੜ ਨਹੀਂ ਰਹੀ।

ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ।
ਇਸ ਦੌਰਾਨ ਉਨ੍ਹਾਂ ਕੈਂਪ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਢੁੱਕਵਾਂ ਹੱਲ ਕਰਨ ਦੇ ਮੌਕੇ ’ਤੇ ਨਿਰਦੇਸ਼ ਦਿੱਤੇ। ਉਨ੍ਹਾਂ ਸੇਵਾਵਾਂ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਪ੍ਰਵਾਨਗੀ / ਮਨਜ਼ੂਰੀ ਪੱਤਰ ਵੀ ਪ੍ਰਦਾਨ ਕੀਤੇ ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਦੀ ਹੋਈ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੈ, ਜਿਸ ਨੇ 600 ਯੂਨਿਟ ਬਿਜਲੀ ਮੁਆਫੀ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, ਸਰਕਾਰੀ ਨੌਕਰੀਆਂ, 1076 ਹੈਲਪਲਾਈਨ ਵਰਗੇ ਕਈ ਲੋਕ-ਪੱਖੀ ਫੈਸਲੇ ਲਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ , ਕੈਬਨਿਟ ਮੰਤਰੀ ਦੇ ਸੁਪਤਨੀ ਹਰਪ੍ਰੀਤ ਕੌਰ ਤੇ ਵੱਖ – ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸੀ।
