ਡਵੀਜ਼ਨਲ ਕਮਿਸ਼ਨਰ ਵਲੋਂ ਨਗਰ ਨਿਗਮ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ
ਜਲੰਧਰ, 23 ਅਗਸਤ 2024-ਜਲੰਧਰ ਡਵੀਜ਼ਨ ਦੇ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਅੱਜ ਜਲੰਧਰ ਨਗਰ ਨਿਗਮ ਵਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਗਈਆਂ ਪਹਿਲਕਦਮੀਆਂ ਦਾ ਲਾਭ ਪਹੁੰਚਾਉਣ ਲਈ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਬਹੁਤ ਜਰੂਰੀ ਹੈ।
ਮੀਟਿੰਗ ਦੌਰਾਨ ਡਵੀਜ਼ਨਲ ਕਮਿਸ਼ਨਰ ਵਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਤੇ ਸੈਨੀਟੇਸ਼ਨ ਸੇਵਾਵਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਵਲੋਂ ਮਾਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਇਕੱਠਾ ਹੋਣ ਤੋਂ ਰੋਕਣ ਲਈ ਦਰੁਸਤ ਡਰੇਨਜ ਪ੍ਰਣਾਲੀ ਦੀ ਲੋੜ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ।
ਇਸ ਤੋਂ ਇਲਾਵਾ ਡਵੀਜ਼ਨਲ ਕਮਿਸ਼ਨਰ ਵਲੋਂ ਪੌਦੇ ਲਗਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।
ਡਵੀਜ਼ਨਲ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਡਵੀਜ਼ਨਲ ਕਮਿਸ਼ਨਰ ਦਫ਼ਤਰ ਆਉਣ ਵਾਲੇ ਲੋਕਾਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਾਫ਼-ਸਫ਼ਾਈ ਰੱਖਣ, ਸੁੰਦਰੀਕਰਨ ਨੂੰ ਵਧਾਉਣ ਅਤੇ ਬਕਾਇਆ ਸਿਵਲ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।
ਮੀਟਿੰਗ ਦੌਰਾਨ ਵਧੀਕ ਕਮਿਸ਼ਨਰ, ਨਗਰ ਨਿਗਮ ਅਮਰਜੀਤ ਬੈਂਸ, ਐਸ.ਈ. ਰਾਹੁਲ ਧਵਨ ਤੋਂ ਇਲਾਵਾ ਲੋਕ ਨਿਰਮਾਣ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ ਜਿਨਾਂ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦਾ ਭਰੋਸਾ ਦੁਆਇਆ ਗਿਆ।
