Breaking
Thu. Feb 26th, 2026

ਜਲੰਧਰ ਜ਼ਿਲ੍ਹੇ ’ਚ ਕਿਸਾਨਾਂ ਨੂੰ ਝੋਨੇ ਦੀ 1267 ਕਰੋੜ ਰੁਪਏ ਦੀ ਅਦਾਇਗੀ

ਜਲੰਧਰ, 3 ਨਵੰਬਰ 2024 -: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ 2 ਨਵੰਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖ਼ਰੀਦ ਕੀਤੀ ਗਈ ਫ਼ਸਲ ਦੀ 1267 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸ਼ਨੀਵਾਰ ਤੱਕ 594523 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 588235 ਮੀਟ੍ਰਿਕ ਟਨ ਫ਼ਸਲ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਫ਼ਸਲ ਦੀ ਖ਼ਰੀਦ ਦੇ ਨਾਲ-ਨਾਲ ਲਿਫ਼ਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ ਅਤੇ ਹੁਣ ਤੱਕ 214104 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖ਼ਰੀਦ, ਸਮੇਂ-ਸਿਰ ਅਦਾਇਗੀ ਅਤੇ ਨਾਲੋ-ਨਾਲ ਲਿਫ਼ਟਿੰਗ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਬੰਧਤ ਅਧਿਕਾਰੀਆਂ ਵੱਲੋਂ ਲਗਾਤਾਰ ਖ਼ਰੀਦ ਪ੍ਰਕਿਰਿਆ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਉਪਰੰਤ ਝੋਨੇ ਦੀ ਨਾਲੋ-ਨਾਲ ਲਿਫ਼ਟਿੰਗ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਫ਼ਸਲ ਦੀ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਦੀ ਵਚਨਬੱਧਤਾ ਵੀ ਦੁਹਰਾਈ।

ਡਿਪਟੀ ਕਮਿਸ਼ਨਰ ਨੇ ਖ਼ਰੀਦ ਪ੍ਰਬੰਧਾਂ ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਖ਼ਰੀਦ, ਲਿਫ਼ਟਿੰਗ, ਅਦਾਇਗੀ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਤਾਂ ਜੋ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Related Post

Leave a Reply

Your email address will not be published. Required fields are marked *