ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਕਿਹਾ, ਸੁਰੱਖਿਆ ਵਿਵਸਥਾ ਤੇ ਹੋਰ ਲੋੜੀਂਦੇ ਪ੍ਰਬੰਧ ਬਣਾਏ ਜਾਣ ਯਕੀਨੀ
ਜਲੰਧਰ, 19 ਦਸੰਬਰ 2024-: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 21 ਦਸੰਬਰ 2024 ਨੂੰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਜਾ ਰਹੀਆਂ ਆਮ/ਉਪ ਚੋਣਾਂ-2024 ਲਈ 731 ਪੋਲਿੰਗ ਬੂਥ ਬਣਾਏ ਗਏ ਹਨ, ਜਿਥੇ ਜ਼ਿਲ੍ਹੇ ਦੇ 139 ਵਾਰਡਾਂ ਲਈ ਵੋਟਾਂ ਪੈਣਗੀਆਂ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ।
ਡਾ. ਅਗਰਵਾਲ ਨੇ ਦੱਸਿਆ ਕਿ ਨਗਰ ਨਿਗਮ ਜਲੰਧਰ ਦੇ 85 ਵਾਰਡਾਂ ਲਈ 677 ਪੋਲਿੰਗ ਬੂਥ ਬਣਾਏ ਗਏ ਹਨ। ਜਦਕਿ ਨਗਰ ਕੌਂਸਲ ਭੋਗਪੁਰ ਤੇ ਗੁਰਾਇਆ, ਨਗਰ ਪੰਚਾਇਤ ਬਿਲਗਾ ਅਤੇ ਸ਼ਾਹਕੋਟ ਦੇ 13-13 ਅਤੇ ਨਗਰ ਕੌਂਸਲ ਫਿਲੌਰ ਦੇ ਵਾਰਡ ਨੰ.13 ਅਤੇ ਨਗਰ ਪੰਚਾਇਤ ਮਹਿਤਪੁਰ ਦੇ ਵਾਰਡ ਨੰ. 5 ਦੀ ਚੋਣ ਲਈ 54 ਪੋਲਿੰਗ ਬੂਥ ਬਣਾਏ ਗਏ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬੂਥਾਂ ’ਤੇ ਸੀ.ਸੀ.ਟੀ.ਵੀ. ਕੈਮਰੇ, ਲਾਈਟ, ਫਰਨੀਚਰ, ਪੀਣ ਵਾਲੇ ਪਾਣੀ, ਪਖਾਨੇ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਕੀਤੇ ਜਾਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ֹਸਮੇਤ ਹਰੇਕ ਪੋਲਿੰਗ ਲੋਕੇਸ਼ਨ ’ਤੇ ਪੂਰੀ ਚੌਕਸੀ ਰੱਖਣ ਦੇ ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੇ ਖਾਣ-ਪੀਣ ਤੇ ਰਿਹਾਇਸ਼, ਟਰਾਂਸਪੋਰਟੇਸ਼ਨ ਆਦਿ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੋਣਾਂ ਵਾਲੇ ਦਿਨ ਵੋਟਿੰਗ ਅਤੇ ਗਿਣਤੀ ਸਬੰਧੀ ਭੇਜੀਆਂ ਵਾਲੀਆਂ ਰਿਪੋਰਟਾਂ/ਸੂਚਨਾ ਨੂੰ ਨਿਸ਼ਚਿਤ ਪ੍ਰਫਾਰਮੇ ਵਿੱਚ ਸਮੇਂ ਸਿਰ ਭੇਜਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀ ਰਾਜ ਸਿੰਘ, ਐਸ.ਡੀ.ਐਮਜ਼. ਵਿਵੇਕ ਮੋਦੀ, ਬਲਬੀਰ ਰਾਜ ਸਿੰਘ, ਲਾਲ ਵਿਸ਼ਵਾਸ, ਸ਼ੁਭੀ ਆਂਗਰਾ, ਰਣਦੀਪ ਸਿੰਘ ਹੀਰ ਅਤੇ ਅਮਨਪਾਲ ਸਿੰਘ ਤੋਂ ਇਲਾਵਾ ਰਿਟਰਨਿੰਗ ਅਫ਼ਸਰ, ਸਿਵਲ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਮੌਜੂਦ ਸਨ।
