ਜਲੰਧਰ ਪ੍ਰਸ਼ਾਸਨ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ
• ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦਾ ਲਿਆ ਪ੍ਰਣ
• ਨਸ਼ਿਆਂ ਨਾਲ ਨਜਿੱਠਣ ਲਈ ਲੋਕਾਂ ਨੂੰ ਰਾਜ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ
ਜਲੰਧਰ, 27 ਫਰਵਰੀ 2025 :- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜਨ ‘ਤੇ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਅੱਜ ਸਥਾਨਕ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਨਸ਼ਿਆਂ ’ਤੇ ਨਿਰਭਰ ਵਿਅਕਤੀਆਂ ਦੇ ਮੁੜ ਵਸੇਬੇ ਲਈ ਸਿਹਤ ਵਿਭਾਗ ਵੱਲੋਂ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ। ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਮੌਜੂਦਾ ਸਮੇਂ ਇਸ ਕੇਂਦਰ ਵਿੱਚ ਕੁੱਲ 21 ਮਰੀਜ਼ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਆਪਣਾ ਇਲਾਜ ਕਰਵਾ ਰਹੇ ਹਨ। ਇਸ ਤੋਂ ਇਲਾਵਾ ਹਰ ਸਾਲ ਲਗਭਗ 1000 ਮਰੀਜ਼ਾਂ ਦਾ ਇਸ ਕੇਂਦਰ ਵਿੱਚ ਇਲਾਜ ਕੀਤਾ ਜਾਂਦਾ ਹੈ।
ਡਾ. ਅਗਰਵਾਲ ਨੇ ਬਹੁ-ਪੱਖੀ ਰਣਨੀਤੀ ਰਾਹੀਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ’ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜਲੰਧਰ ਪ੍ਰਸ਼ਾਸਨ ਰੋਜ਼ਗਾਰ ਦੇ ਮੌਕੇ ਅਤੇ ਹੁਨਰ ਵਿਕਾਸ ਸਿਖ਼ਲਾਈ ਪ੍ਰਦਾਨ ਕਰਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਮਾਜ ਵਿੱਚ ਮੁੜ ਸ਼ਾਮਲ ਕਰਨ ਲਈ ਵਚਨਬੱਧ ਹੈ। ਡਾ. ਅਗਰਵਾਲ ਨੇ ਸਿਹਤ ਅਧਿਕਾਰੀਆਂ ਨੂੰ ਇੱਥੇ ਨਸ਼ਾ ਛੁਡਾਊ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਆਪਣੇ ਦੌਰੇ ਦੌਰਾਨ ਉੱਚ ਅਧਿਕਾਰੀਆਂ ਨੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਇਲਾਜ ਦੀ ਪ੍ਰਕਿਰਿਆ ਬਾਰੇ ਫੀਡਬੈਕ ਹਾਸਲ ਕੀਤੀ। ਮਰੀਜ਼ਾਂ ਵੱਲੋਂ ਨਸ਼ਾ ਛੁਡਾਊ ਕੇਂਦਰ ਵਿਖੇ ਦਿੱਤੀਆਂ ਜਾ ਰਹੀਆਂ ਇਲਾਜ ਸਹੂਲਤਾਂ ‘ਤੇ ਪੂਰੀ ਤਸੱਲੀ ਪ੍ਰਗਟ ਕੀਤੀ ਗਈ। ਉਨ੍ਹਾਂ ਨਸ਼ਾ ਛੱਡ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਏ ਵਿਅਕਤੀਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਨਾਗਰਿਕਾਂ ਨੂੰ ਆਪਣੇ ਇਲਾਕਿਆਂ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਸੂਚਨਾ ਦੇ ਕੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਠੀਕ ਹੋਏ ਮਰੀਜ਼ ਮੁੜ ਨਸ਼ੇ ਦੇ ਜਾਲ ਵਿੱਚ ਨਾ ਫਸਣ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਸਮਾਜ ਨੂੰ ਨਸ਼ਿਆਂ ’ਤੇ ਨਿਰਭਰ ਨੌਜਵਾਨਾਂ ਨੂੰ ਮਰੀਜ਼ ਦੇ ਤੌਰ ‘ਤੇ ਦੇਖਣ ਅਤੇ ਨਸ਼ਾ ਛੁਡਾਊ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੀ ਰਿਕਵਰੀ ਵਿੱਚ ਸਹਾਇਤਾ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਵੀ ਪ੍ਰਭਾਵਿਤ ਮਰੀਜ਼ਾਂ ਤੋਂ ਨਸ਼ੀਲੇ ਪਦਾਰਥਾਂ ਦੇ ਸਰੋਤਾਂ ਬਾਰੇ ਮੁੱਢਲੀ ਜਾਣਕਾਰੀ ਇਕੱਤਰ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਪਹਿਲਾਂ ਹੀ ਵੱਡੇ ਪੱਧਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਪ੍ਰਭਾਵਿਤ ਵਿਅਕਤੀਆਂ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਦੇ ਆਧਾਰ ’ਤੇ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਥਾਵਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਸਿਹਤ, ਸਿੱਖਿਆ, ਮੁੜ ਵਸੇਬਾ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕਿਆਂ ਸਮੇਤ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰਕੇ ਇਨ੍ਹਾਂ ਥਾਵਾਂ ਨੂੰ ਮਾਡਲ ਖੇਤਰਾਂ ਵਿੱਚ ਤਬਦੀਲ ਕਰਨ ਲਈ ਠੋਸ ਉਪਰਾਲੇ ਕਰ ਰਿਹਾ ਹੈ।
ਦੋਵਾਂ ਅਧਿਕਾਰੀਆਂ ਨੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਇਸ ਅਹਿਮ ਲੜਾਈ ਵਿੱਚ ਸਰਗਰਮ ਸਹਿਯੋਗ ਦੇਣ ਦਾ ਸੱਦਾ ਦਿੱਤਾ।
ਉਨ੍ਹਾਂ ਇਹ ਵੀ ਕਿਹਾ ਕਿ ਜਲਦ ਹੀ ਇੱਕ ਨਸ਼ਾ ਛੁਡਾਊ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ, ਜਿੱਥੇ ਲੋਕ ਖਾਸ ਕਰਕੇ ਨਸ਼ਾ ਪ੍ਰਭਾਵਿਤ ਵਿਅਕਤੀ ਨਸ਼ਾ ਛੁਡਾਊ ਪ੍ਰੋਗਰਾਮਾਂ ਬਾਰੇ ਜਾਣਕਾਰੀ ਲੈਣ ਲਈ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ ਕਿਉਂਕਿ ਉਨ੍ਹਾਂ ਨੂੰ ਇਲਾਜ ਦੀਆਂ ਸਾਰੀਆਂ ਸਹੂਲਤਾਂ ਮੁਫ਼ਤ ਮਿਲਣਗੀਆਂ।
