ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦੇ ਧਾਰਨੀ ਬਣਾਉਣ ’ਤੇ ਦਿੱਤਾ ਜ਼ੋਰ
ਜਲੰਧਰ, 2 ਅਪ੍ਰੈਲ 2025 -: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਲਈ ਆਪਣੇ ਟੀਚੇ ਵੱਲ ਪੂਰੀ ਸਮਰਪਣ ਭਾਵਨਾ ਨਾਲ ਅੱਗੇ ਵਧਣ ਲਈ ਕਿਹਾ।

ਇਥੇ ਰਾਜੇਸ਼ਵਰੀ ਕਲਾ ਸੰਗਮ, ਏ.ਪੀ.ਜੇ. ਕਾਲਜ ਆਫ ਫਾਈਨ ਆਰਟਸ ਜਲੰਧਰ ਦੀ ਗੋਲਡਨ ਜੁਬਲੀ ਅਤੇ ਛੇਵੇਂ ਰਾਜੇਸ਼ਵਰੀ ਕਲਾ ਮਹਾਉਤਸਵ ਦਾ ਉਦਘਾਟਨ ਕਰਦਿਆਂ ਰਾਜਪਾਲ ਨੇ ਨੌਜਵਾਨਾਂ ਨੂੰ ਆਪਣੇ ਸੰਕਲਪਾਂ ਨੂੰ ਸਾਕਾਰ ਕਰਨ ਲਈ ਸਮਰਪਿਤ ਹੋ ਕੇ ਕੰਮ ਕਰਨ ਅਤੇ ਦੇਸ਼ ਦੇ ਸੱਭਿਆਚਾਰ ਨੂੰ ਸੰਭਾਲਣ ਦੇ ਨਾਲ-ਨਾਲ ਇਸਦੀ ਤਰੱਕੀ ਅਤੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ’ਤੇ ਜ਼ੋਰ ਦਿੰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਦੇਸ਼ ਦੇ ਭਵਿੱਖ ਦੇ ਨਿਰਮਾਣ ਅਤੇ ਸਮਾਜ ਦੇ ਚਰਿੱਤਰ ਨੂੰ ਆਕਾਰ ਦੇਣ ਲਈ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦਾ ਧਾਰਨੀ ਬਣਾਉਣਾ ਬਹੁਤ ਜ਼ਰੂਰੀ ਹੈ, ਜਿਸ ਵਿੱਚ ਵਿੱਦਿਅਕ ਸੰਸਥਾਵਾਂ ਅਹਿਮ ਰੋਲ ਅਦਾ ਕਰ ਸਕਦੀਆਂ ਹਨ।
ਰਾਜਪਾਲ ਨੇ ਦੱਸਿਆ ਕਿ ਉਹ ਕੱਲ ਵੀਰਵਾਰ ਤੋਂ ਨਸ਼ਿਆਂ ਖਿਲਾਫ਼ ਪੈਦਲ ਯਾਤਰਾ ਸ਼ੁਰੂ ਕਰਨ ਜਾ ਰਹੇ ਹਨ। ਸੂਬੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲੜਾਈ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਉਨ੍ਹਾਂ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ਲਈ ਲੋਕਾਂ ਨੂੰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਸ ਸਮਾਜਿਕ ਬੁਰਾਈ ਖਿਲਾਫ਼ ਅੱਗੇ ਆਉਣ ਦੀ ਅਪੀਲ ਕੀਤੀ।

ਕਲਾ ਮਹਾਉਤਸਵ ਦੌਰਾਨ ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਸ਼੍ਰੀ ਕਟਾਰੀਆ ਨੇ ਉਨ੍ਹਾਂ ਨੂੰ ਇਹ ਦੇਖ ਕੇ ਬੜੀ ਖੁਸ਼ੀ ਹੋਈ ਹੈ ਕਿ ਨੌਜਵਾਨਾਂ ਵਿੱਚ ਆਪਣੇ ਸੱਭਿਆਚਾਰ ਨੂੰ ਸੰਭਾਲਣ ਅਤੇ ਪ੍ਰਫੁੱਲਿਤ ਕਰਨ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਡੀਆਂ ਕਲਾਵਾਂ ਦੀ ਸ਼ਕਤੀ ਦੀ ਵਰਤੋਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਕਰਨੀ ਚਾਹੀਦੀ ਹੈ।
ਰਾਜਪਾਲ ਨੇ ਕਾਲਜ ਵੱਲੋਂ ਕਲਾ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਕਲਾ ਰਾਹੀਂ ਵਿਦਿਆਰਥੀਆਂ ਨੂੰ ਸੰਸਕਾਰਾਂ ਨਾਲ ਜੋੜਨ ਦਾ ਜੋ ਉਪਰਾਲਾ ਕੀਤਾ ਜਾ ਰਿਹਾ ਹੈ, ਉਹ ਬੇਹੱਦ ਸ਼ਲਾਘਾਯੋਗ ਹੈ।

ਇਸ ਤੋਂ ਪਹਿਲਾਂ ਕਾਲਜ ਦੇ ਪ੍ਰਬੰਧਕਾਂ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਜੀ ਦਾ ਸੰਸਥਾ ਵਿਖੇ ਪਹੁੰਚਣ ’ਤੇ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਸਕੱਤਰ ਟੂ ਗਵਰਨਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਮੇਅਰ ਵਿਨੀਤ ਧੀਰ, ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਏ.ਪੀ,ਜੇ. ਐਜੂਕੇਸ਼ਨ, ਪੰਜਾਬ ਆਰਟ ਕਾਊਂਸਲ ਚੰਡੀਗੜ੍ਹ ਦੇ ਪ੍ਰਧਾਨ ਸਵਰਣਜੀਤ ਸਾਵੀ, ਆਰਟ ਹਿਸਟੋਰੀਅਨ ਵਿਜੇ ਸ਼ਰਮਾ, ਏ.ਪੀ.ਜੇ. ਸੱਤਿਆ ਯੂਨੀਵਰਸਿਟੀ ਦੇ ਚਾਂਸਲਰ ਸੁਸ਼ਮਾ ਪਾਲ, ਪ੍ਰੋ. ਚਾਂਸਲਰ ਡਾ. ਨੇਹਾ, ਏ.ਪੀ.ਜੇ. ਐਜੂਕੇਸ਼ਨ ਦੀ ਡਾਇਰੈਕਟਰ ਡਾ. ਸੁਚਾਰਿਤਾ ਸ਼ਰਮਾ, ਕਾਲਜ ਦੀ ਪ੍ਰਿੰਸੀਪਲ ਡਾ. ਨੀਰਜਾ ਢੀਂਗਰਾ ਵੀ ਮੌਜੂਦ ਸਨ।
