ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ਦੇਣ ਦੇ ਮਾਮਲੇ ਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜੋ ਕਿ ਤਾਮਿਲਨਾਡੂ ਦੇ ਰਹਿਣ ਵਾਲੇ ਦੱਸੇ ਗਏ ਹਨ। ਪੁਲਿਸ ਇਹਨਾਂ ਨੂੰ ਗ੍ਰਿਫਤਾਰ ਕਰਕੇ ਤਾਮਿਲਨਾਡੂ ਤੋਂ ਲੈ ਕੇ ਆਈ ਹੈ। ਇਸ ਸਬੰਧੀ ਅੱਜ ਪ੍ਰੈਸ ਕਾਨਫਰੰਸ ਕੀਤੇ ਜਾਣ ਦੀ ਸੰਭਾਵਨਾ ਹੈ ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਜਿਕਰਯੋਗ ਹੈ ਕਿ 14 ਜੁਲਾਈ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਪੰਜ ਧਮਕੀ ਭਰੇ ਈਮੇਲ ਮਿਲੇ ਹਨ ਇਹਨਾਂ ਵਿੱਚ ਸ੍ਰੀ ਹਰਿਮੰਦਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀ ਗੱਲ ਕੀਤੀ ਗਈ ਸੀ ਮੇਲ ਤੋਂ ਬਾਅਦ ਅੰਮ੍ਰਿਤਸਰ ਵਿੱਚ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਅਤੇ ਗੁਰਦੁਆਰਾ ਪਰਸ ਸਮੇਤ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਸਖਤ ਸੁਰੱਖਿਆ ਦੇ ਨਾਲ ਇੱਕ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਤਾਮਿਲਨਾਡੂ ਤੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਜੇ ਤੱਕ ਸਾਹਮਣੇ ਨਹੀਂ ਆਈ ਹੈ, ਪਰ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਕੁਝ ਮਹਤਵਪੂਰਣ ਸੁਰਾਗ ਮਿਲ ਸਕਦੇ ਹਨ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਕੀ ਇਹ ਇੱਕ ਸਾਈਬਰ ਹਮਲਾ ਸੀ ਜਾਂ ਇਸ ਪਿੱਛੇ ਕੋਈ ਸੰਗਠਤ ਨੈਟਵਰਕ ਹੈ ਜਾਂ ਕੋਈ ਕੱਟੜ ਪੰਥੀ ਸਾਜਿਸ਼ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖੀ ਹਰਜਿੰਦਰ ਸਿੰਘ ਧਾਮੀ ਨੇ ਇਸ ਪੂਰੀ ਘਟਨਾ ਤੇ ਚਿੰਤਾ ਪ੍ਰਗਟ ਕੀਤੀ ਸੀ। ਉਹਨਾਂ ਕਿਹਾ ਸੀ ਕਿ ਇਹ ਸਪਸ਼ਟ ਨਹੀਂ ਹੈ ਕਿ ਇਹ ਧਮਕੀ ਕਿਸੇ ਸ਼ਰਾਰਤ ਦਾ ਹਿੱਸਾ ਹੈ ਜਾਂ ਕਿਸੇ ਵੱਡੀ ਸਾਜਿਸ਼ ਦਾ ਸੰਕੇਤ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਤੇ ਲੋਕਾਂ ਦੀ ਧਾਰਮਿਕ ਆਸਥਾ ਨੂੰ ਠੇਸ ਨਾ ਪਹੁੰਚੇ।