ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪੇਂਡੂ ਵਿਕਾਸ ਸਕੀਮਾਂ ਦਾ ਲਿਆ ਜਾਇਜ਼ਾ
ਜਲੰਧਰ, 12 ਅਗਸਤ 2025 :- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਪੇਂਡੂ ਵਿਕਾਸ ਅਤੇ ਹੋਰ ਸਕੀਮਾਂ ਦਾ ਜਾਇਜ਼ਾ ਲੈਣ ਦੌਰਾਨ ਸਾਹਮਣੇ ਆਇਆ ਕਿ ਪਿੰਡਾਂ ਵਿੱਚ ਕਈ ਗ੍ਰਾਂਟਾਂ ਅਣਵਰਤੀਆਂ ਹਨ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਪੁਰਾਣੀਆਂ ਗ੍ਰਾਂਟਾਂ ਨਹੀਂ ਖਰਚੀਆਂ ਜਾਂਦੀਆਂ, ਉਦੋਂ ਤੱਕ ਨਵੀਂ ਗ੍ਰਾਂਟ ਜਾਰੀ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ, ਇਸ ਲਈ ਪੂਰੀ ਗੰਭੀਰਤਾ ਨਾਲ ਸਮੇਂ ਸਿਰ ਪਿੰਡਾਂ ਦੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣ, ਤਾਂ ਜੋ ਨਵੇਂ ਵਿਕਾਸ ਕੰਮ ਆਰੰਭੇ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਜਾਂਦੇ ਹਨ, ਇਸ ਲਈ ਇਨ੍ਹਾਂ ਫੰਡਾਂ ਦੀ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਸਮੇਂ ਸਿਰ ਵਰਤੋਂ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਾ. ਅਗਰਵਾਲ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਬੀ.ਡੀ.ਓਜ਼ ਦੇ ਨਾਲ ਮਿਲ ਕੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਨਿਯਮਿਤ ਤੌਰ ’ਤੇ ਸਮੀਖਿਆ ਕੀਤੀ ਜਾਵੇ, ਤਾਂ ਜੋ ਇਨ੍ਹਾਂ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਦੇ 110 ਪਿੰਡਾਂ ਵਿੱਚ ਠੋਸ ਰਹਿੰਦ-ਖੂਹੰਦ ਪ੍ਰਬੰਧਨ ਸਬੰਧੀ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ। ਇਸੇ ਤਰ੍ਹਾਂ ਤਰਲ ਰਹਿੰਦ-ਖੂਹੰਦ ਪ੍ਰਬੰਧਨ ਤਹਿਤ 70 ਪਿੰਡਾਂ ਵਿੱਚ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਬਾਕੀ ਪਿੰਡਾਂ ਵਿੱਚ ਠੋਸ ਤੇ ਤਰਲ ਰਹਿੰਦ-ਖੂਹੰਦ ਪ੍ਰਬੰਧਨ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਂਦਿਆਂ ਇਨ੍ਹਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਸਮੂਹ ਬੀ.ਡੀ.ਪੀ.ਓਜ਼ ਨੂੰ ਰੁੜਕਾ ਕਲਾਂ ਦਾ ਦੌਰਾ ਕਰਕੇ ਉਥੇ ਠੋਸ ਅਤੇ ਤਰਲ ਰਹਿੰਦ-ਖੂਹੰਦ ਪ੍ਰਬੰਧਨ ਸਬੰਧੀ ਕੀਤੇ ਗਏ ਕੰਮਾਂ ਦਾ ਅਧਿਐਨ ਕਰਨ ਅਤੇ ਉਕਤ ਮਾਡਲ ਨੂੰ ਹੋਰਨਾਂ ਪਿੰਡਾਂ ਵਿੱਚ ਵੀ ਲਾਗੂ ਕਰਨ ਲਈ ਉਪਰਾਲੇ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਵਿਕਾਸ ਕੰਮਾਂ ਦੇ ਆਧਾਰ ’ਤੇ ‘ਸਰਵ-ਉੱਤਮ ਪਿੰਡ’ ਦੀ ਚੋਣ ਕਰਕੇ ਉਸ ਨੂੰ ਵਿਸ਼ੇਸ਼ ਸਨਮਾਨ ਨਾਲ ਨਵਾਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਸਿਹਤ, ਸਫਾਈ ਅਤੇ ਵਿਕਾਸ ਲਈ ਮੁਕਾਬਲੇ ਦੀ ਭਾਵਨਾ ਵਧੇਗੀ।
ਮੀਟਿੰਗ ਵਿੱਚ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ), ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਡੀ.ਡੀ.ਪੀ.ਓ ਅਤੇ ਬੀ.ਡੀ.ਪੀ.ਓਜ਼ ਵੀ ਮੌਜੂਦ ਸਨ।



