ਹੁਣ 3 ਸਤੰਬਰ ਤੱਕ ਦਾਇਰ ਕੀਤੇ ਜਾ ਸਕਦੇ ਨੇ ਦਾਅਵੇ ਤੇ ਇਤਰਾਜ਼
ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 9 ਸਤੰਬਰ ਨੂੰ
ਜਲੰਧਰ, 29 ਅਗਸਤ 2025 :- ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ 5 ਅਕਤੂਬਰ, 2025 ਤੱਕ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਤੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਚੋਣਾਂ ਲਈ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਾਉਣ ਦੀ ਨਵੀਂ ਆਖਰੀ ਮਿਤੀ 3 ਸਤੰਬਰ, 2025 ਹੈ।
ਉਨ੍ਹਾਂ ਦੱਸਿਆ ਕਿ ਵਸਨੀਕ ਉਕਤ ਮਿਤੀ ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਾਇਰ ਕਰ ਸਕਦੇ ਹਨ, ਜਿਨ੍ਹਾਂ ਦਾ ਨਿਪਟਾਰਾ 8 ਸਤੰਬਰ, 2025 ਤੱਕ ਕੀਤਾ ਜਾਵੇਗਾ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 9 ਸਤੰਬਰ, 2025 ਨੂੰ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ-ਕਮ-ਸਬ ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਸੋਧੇ ਹੋਏ ਸ਼ਡਿਊਲ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਨਵੀਂ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਯੋਗਤਾ ਮਿਤੀ (1 ਸਤੰਬਰ 2025) ’ਤੇ ਘੱਟੋ-ਘੱਟ 18 ਸਾਲ ਦੀ ਹੋਣੀ ਚਾਹੀਦੀ ਹੈ। ਨਵੀਂ ਵੋਟ ਬਣਾਉਣ ਲਈ ਯੋਗ ਵੋਟਰ ਆਪਣਾ ਬਿਨੈ, ਫਾਰਮ-1 ਵਿਚ, ਕਿਸੇ ਵੀ ਇਤਰਾਜ਼/ਵੋਟ ਕਟਾਉਣ ਲਈ ਫਾਰਮ-2 ਵਿੱਚ ਅਤੇ ਵੋਟਰ ਸੂਚੀ ਵਿੱਚ ਕਿਸੇ ਵੀ ਸੋਧ ਲਈ ਫਾਰਮ-3 ਵਿਚ ਦਾਇਰ ਕਰ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਫਾਰਮ ਨੰ.1,2 ਅਤੇ 3 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਉਪਲਬਧ ਹਨ ਅਤੇ ਇਹ ਫਾਰਮ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ ਤੋਂ “Panchayat Elections> Statutory Forms” ਮਦ ਤਹਿਤ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ।


