ਫਿਲੌਰ/ਜਲੰਧਰ, 2 ਸਤੰਬਰ 2025 :- ਐਸ.ਡੀ.ਐਮ ਫਿਲੌਰ ਪਰਲੀਨ ਕੌਰ ਵਲੋਂ ਦੇਰ ਰਾਤ ਸਬ ਡਵੀਜ਼ਨ ਫਿਲੌਰ ਅਧੀਨ ਪੈਂਦੇ ਸੰਭਾਵਿਤ ਹੜ੍ਹ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਇਸ ਮੌਕੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਪ੍ਰਸ਼ਾਸਨ ਵਲੋਂ ਸੈਂਡ ਬੈਗ, ਲੋੜੀਂਦੀ ਮਸ਼ੀਨਰੀ, ਰੈਸਕਿਊ ਟੀਮਾਂ ਤੋਂ ਇਲਾਵਾ ਰਾਹਤ ਕੈਂਪਾਂ, ਤਰਪਾਲਾਂ, ਰਾਸ਼ਨ, ਚਾਰਾ, ਦਵਾਈਆਂ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਲਗਾਤਾਰ ਬਾਰਿਸ਼ ਕਰਕੇ ਰੋਪੜ ਹੈਡਵਰਕਸ ਤੋਂ ਸਤਲੁਜ ਦਰਿਆ ਵਿੱਚ ਪਾਣੀ ਛੱਡਿਆ ਗਿਆ ਹੈ, ਜਿਸ ਕਰਕੇ ਪਾਣੀ ਦੇ ਪੱਧਰ ਵਿੱਚ ਵਾਧਾ ਹੋ ਸਕਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਹਿਤਿਆਤ ਵਰਤਦੇ ਹੋਏ ਸਤਲੁਜ ਦਰਿਆ ਦੇ ਕੰਢਿਆਂ ਨੇੜੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਲੋੜ ਪੈਣ ‘ਤੇ ਪ੍ਰਸ਼ਾਸਨ ਵਲੋਂ ਉੱਚੀਆਂ ਥਾਵਾਂ ’ਤੇ ਬਣਾਏ ਗਏ ਰਾਹਤ ਕੈਂਪਾਂ ਵਿੱਚ ਜਾਇਆ ਜਾ ਸਕਦਾ ਹੈ।
ਉਪ ਮੰਡਲ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ (0181-2224417) ਅਤੇ ਸਬ ਡਵੀਜ਼ਨ ਫਿਲੌਰ (01826-224117) ਪੱਧਰ ‘ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਨ੍ਹਾਂ ਨੰਬਰਾਂ ‘ਤੇ ਹੜ੍ਹਾਂ ਸਬੰਧੀ ਜਾਣਕਾਰੀ ਜਾਂ ਸਹਾਇਤਾ ਲਈ ਫੋਨ ਕਰ ਸਕਦਾ ਹੈ।



