Breaking
Sun. Oct 26th, 2025

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਇਕ ਹਫ਼ਤੇ ਦੇ ਅੰਦਰ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਦੇਣ ਦੇ ਨਿਰਦੇਸ਼

  • ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਲਦੀ ਵੰਡਣ ਲਈ ਕੀਤੀ ਹੰਗਾਮੀ ਮੀਟਿੰਗ
  • ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ‘ਗਰਾਊਂਡ ਟਰੂਥਿੰਗ’ ਦਾ ਕੰਮ 3 ਨਵੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ
  • ਡਿਜੀਟਲ ਕਰਾਪ ਸਰਵੇ ’ਚ ਤੇਜ਼ੀ ਲਿਆਉਣ ਲਈ ਕਿਹਾ

ਜਲੰਧਰ, 25 ਅਕਤੂਬਰ 2025 : -ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਦੀ ਬੁਲਾਈ ਇਕ ਐਮਰਜੈਂਸੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕਿਸਾਨਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਆਵਜ਼ਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਕਾਰਨ ਖਾਸ ਕਰ ਸ਼ਾਹਕੋਟ ਇਲਾਕੇ ਵਿੱਚ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਆਵਜ਼ਾ ਜਾਰੀ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਰਾਹਤ ਮਿਲ ਸਕੇ।

ਡਾ. ਅਗਰਵਾਲ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਜ਼ਿਲ੍ਹੇ ਦੇ 115 ਪਿੰਡਾਂ ਵਿੱਚ ਚੱਲ ਰਹੇ ‘ਗਰਾਊਂਡ ਟਰੂਥਿੰਗ’ ਦੇ ਕੰਮ ਦਾ ਵੀ ਜਾਇਜ਼ਾ ਲਿਆ। ਇਸ ਤਹਿਤ ਪਟਵਾਰੀਆਂ ਵੱਲੋਂ ਉਕਤ ਪਿੰਡਾਂ ਵਿੱਚ ਘਰ-ਘਰ ਜਾ ਕੇ ਲਾਲ ਲਕੀਰ ਵਾਲੇ ਘਰਾਂ ਦੀ ਪਛਾਣ ਕੀਤੀ ਜਾ ਰਹੀ ਹੈ, ਤਾਂ ਜੋ ਲੋੜੀਂਦੀ ਪ੍ਰਕਿਰਿਆ ਅਮਲ ਵਿੱਚ ਲਿਆ ਕੇ ਯੋਗ ਪਰਿਵਾਰਾਂ ਨੂੰ ਮਾਲਕਾਨਾਂ ਅਧਿਕਾਰ ਸੌਂਪੇ ਜਾ ਸਕਣ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ‘ਗਰਾਊਂਡ ਟਰੂਥਿੰਗ’ ਦੇ ਚੱਲ ਰਹੇ ਕੰਮ ਨੂੰ 3 ਨਵੰਬਰ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਲਾਲ ਲਕੀਰ ਅੰਦਰ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਦੇ ਹੱਕ ਪ੍ਰਦਾਨ ਕੀਤੇ ਜਾ ਸਕਣ।

ਡਿਜੀਟਲ ਕਰਾਪ ਸਰਵੇ (ਆਨਲਾਈਨ ਗਿਰਦਾਵਰੀ) ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਇਸ ਨੂੰ 5 ਦਿਨਾਂ ਦੇ ਅੰਦਰ-ਅੰਦਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਰੀਬ 600 ਪਿੰਡਾਂ ਵਿੱਚ ਡਿਜੀਟਲ ਕਰਾਪ ਸਰਵੇ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਸਰਵੇ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਲਈ ਕਿਸਾਨਾਂ ਨੂੰ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇੰਤਕਾਲ, ਤਕਸੀਮ, ਜਮ੍ਹਾਬੰਦੀਆਂ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਰਿਕਵਰੀ ਨਾਲ ਸਬੰਧਤ ਮਾਮਲਿਆਂ ਨੂੰ ਤਰਜੀਹ ਦੇਣ ਦੀ ਹਦਾਇਤ ਵੀ ਕੀਤੀ। ਇਸ ਦੌਰਾਨ ਉਨ੍ਹਾਂ ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ, ਈਜ਼ੀ ਜਮ੍ਹਾਂਬੰਦੀ ਦਾ ਵੀ ਜਾਇਜ਼ਾ ਲਿਆ।

ਭ੍ਰਿਸ਼ਟਾਚਾਰ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਪੂਰੀ ਪਾਰਦਰਸ਼ਤਾ, ਨਿਰਵਿਘਨ ਅਤੇ ਤੈਅ ਸਮੇਂ ਵਿੱਚ ਮਿਲਣੀਆਂ ਚਾਹੀਦੀਆਂ ਹਨ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਐਸ.ਡੀ.ਐਮ. ਵਿਵੇਕ ਕੁਮਾਰ ਮੋਦੀ, ਰਣਦੀਪ ਸਿੰਘ ਹੀਰ, ਲਾਲ ਵਿਸ਼ਵਾਸ ਬੈਂਸ ਅਤੇ ਸ਼ੁਭੀ ਆਂਗਰਾ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਸਮੇਤ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Related Post

Leave a Reply

Your email address will not be published. Required fields are marked *