Breaking
Mon. May 11th, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਭਰ ’ਚ ਲਗਾਏ ਜਾਣਗੇ 6.50 ਲੱਖ ਬੂਟੇ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਨੂੰ ਬੂਟਿਆਂ ਦੀ ਮੰਗ ਤੇ ਪੌਦੇ ਲਗਾਉਣ ਵਾਲੀ ਜਗ੍ਹਾ ਦਾ ਵੇਰਵਾ 10 ਦਿਨਾਂ ਦੇ ਅੰਦਰ-ਅੰਦਰ ਭੇਜਣ ਦੇ ਨਿਰਦੇਸ਼

ਜਲੰਧਰ, 11 ਮਈ 2026 :- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾਣਗੇ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਏ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ।


ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਮਿੰਨੀ ਫਾਰੈਸਟ, ਮੈਡੀਸਨਲ ਪਲਾਂਟੇਸ਼ਨ, ਫਲਦਾਰ ਤੇ ਫੁੱਲਦਾਰ ਬੂਟੇ ਲਗਾਉਣ ਦੇ ਨਾਲ-ਨਾਲ ਟਿੰਬਰ ਕਿਸਮਾਂ ਵੱਖ-ਵੱਖ ਵਿਭਾਗਾਂ ਪਾਸ ਉਪਲਬਧ ਥਾਵਾਂ ’ਤੇ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਬੂਟੇ ਵਣ ਵਿਭਾਗ ਵੱਲੋਂ ਸਪਲਾਈ ਕੀਤੇ ਜਾਣਗੇ ਅਤੇ ਬੂਟੇ ਲਗਾਉਣ ਦਾ ਕੰਮ ਕਰਵਾਉਣ ਦਾ ਜ਼ਿੰਮਾ ਅਤੇ ਉਸਦੀ ਦੇਖ-ਰੇਖ ਸਬੰਧਿਤ ਵਿਭਾਗ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਵੱਖ-ਵੱਖ ਵਿਭਾਗਾਂ ਨੂੰ ਬੂਟਿਆਂ ਦੀ ਮੰਗ ਸਮੇਤ ਪੌਦੇ ਲਗਾਉਣ ਵਾਲੀ ਜਗ੍ਹਾ ਦਾ ਵੇਰਵਾ 10 ਦਿਨਾਂ ਦੇ ਅੰਦਰ-ਅੰਦਰ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਬੂਟੇ ਸਪਲਾਈ ਕਰਨ ਅਤੇ ਲਗਾਉਣ ਦਾ ਕੰਮ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿੱਚ ਉਪਲਬਧ ਪੰਚਾਇਤੀ ਜ਼ਮੀਨ ’ਤੇ ਜੰਗਲ ਵੀ ਲਗਾਏ ਜਾਣਗੇ, ਜਿਸ ਦੀ ਦੇਖ-ਰੇਖ ਪੰਚਾਇਤ ਵੱਲੋਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਵਣ ਮੰਡਲ ਅਫ਼ਸਰ ਵੱਲੋਂ ਰੁੱਖ ਸੰਭਾਲ ਨੀਤੀ 2024 ਤਹਿਤ ਸਮੂਹ ਵਿਭਾਗਾਂ ਨੂੰ ਸਰਕਾਰੀ ਅਤੇ ਅਰਧ ਸਰਕਾਰੀ ਜ਼ਮੀਨ ਉੱਪਰ ਖੜ੍ਹੇ ਦਰਖਤਾਂ ਦੀ ਸ਼ੁਮਾਰੀ/ਗਿਣਤੀ ਕਰਵਾਉਣ ਲਈ ਵੀ ਕਿਹਾ ਗਿਆ।
ਮੀਟਿੰਗ ਵਿੱਚ ਸਮੂਹ ਐਸ.ਡੀ.ਐਮਜ਼, ਵਣ ਮੰਡਲ ਅਫ਼ਸਰ ਜਲੰਧਰ, ਫਿਲੌਰ ਜਰਨੈਲ ਸਿੰਘ, ਵਣ ਰੇਂਜ ਅਫ਼ਸਰ ਜਲੰਧਰ ਹਰਗੁਰਨੇਕ ਸਿੰਘ, ਵਣ ਬਲਾਕ ਅਫ਼ਸਰ ਗੁਰਬਖਸ਼ ਰਾਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

By admin

Related Post

Leave a Reply

Your email address will not be published. Required fields are marked *