Breaking
Thu. May 28th, 2026

ਵੋਟਾਂ ਦੀ ਗਿਣਤੀ ਪਾਰਦਰਸ਼ੀ ਢੰਗ ਨਾਲ ਕਰਨ ਲਈ ਪ੍ਰਬੰਧ ਮੁਕੰਮਲ

  • ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ; ਵੋਟਾਂ ਦੀ ਗਿਣਤੀ 29 ਮਈ ਨੂੰ
  • ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ ਗਿਣਤੀ ਪ੍ਰਕਿਰਿਆ : ਜ਼ਿਲ੍ਹਾ ਚੋਣ ਅਫ਼ਸਰ
  • ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਲੋੜੀਂਦੇ ਪ੍ਰਬੰਧ ਮੁਕੰਮਲ, ਵੋਟਾਂ ਦੀ ਗਿਣਤੀ ਲਈ 7 ਗਿਣਤੀ ਕੇਂਦਰ ਸਥਾਪਿਤ

ਜਲੰਧਰ, 28 ਮਈ 2026 :- ਜ਼ਿਲ੍ਹੇ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਮੰਗਲਵਾਰ ਨੂੰ ਪਈਆਂ ਵੋਟਾਂ ਦੀ 29 ਮਈ ਨੂੰ ਹੋਣ ਵਾਲੀ ਗਿਣਤੀ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ 7 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ ਪਈਆਂ ਵੋਟਾਂ ਦੀ ਗਿਣਤੀ ਸਕੂਲ ਆਫ਼ ਐਮੀਨੈਂਸ ਆਦਮਪੁਰ, ਨਗਰ ਕੌਂਸਲ ਕਰਤਾਰਪੁਰ ਦੇ 15 ਵਾਰਡਾਂ ਲਈ ਜੂਡੋ ਹਾਲ ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ, ਜਲੰਧਰ ਅਤੇ ਨਗਰ ਕੌਂਸਲ ਨਕੋਦਰ ਦੇ 17 ਵਾਰਡਾਂ ਲਈ ਵੋਟਾਂ ਦੀ ਗਿਣਤੀ ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੇ) ਨਕੋਦਰ ਵਿਖੇ ਹੋਵੇਗੀ।

ਇਸੇ ਤਰ੍ਹਾਂ ਨਗਰ ਕੌਂਸਲ ਨੂਰਮਹਿਲ ਦੇ 13 ਵਾਰਡਾਂ ਲਈ ਪਈਆਂ ਵੋਟਾਂ ਦੀ ਗਿਣਤੀ ਲਈ *ਗਿਣਤੀ ਕੇਂਦਰ ਬੀ.ਡੀ.ਪੀ.ਓ. ਦਫ਼ਤਰ ਨੂਰਮਹਿਲ ਅਤੇ ਨਗਰ ਕੌਂਸਲ ਫਿਲੌਰ ਦੇ 15 ਵਾਰਡਾਂ ਲਈ ਗਿਣਤੀ ਕੇਂਦਰ ਕਮਿਊਨਿਟੀ ਹਾਲ ਫਿਲੌਰ ਵਿਖੇ ਸਥਾਪਤ ਕੀਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਨਗਰ ਪੰਚਾਇਤ ਮਹਿਤਪੁਰ ਦੇ 13 ਵਾਰਡਾਂ ਲਈ ਪਈਆਂ ਵੋਟਾਂ ਦੀ ਗਿਣਤੀ ਗਲੋਟੀਆ ਗੁਰੂ ਹਰਗੋਬਿੰਦ ਬੇਟ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਹਿਤਪੁਰ ਵਿਖੇ ਹੋਵੇਗੀ ਜਦਕਿ ਨਗਰ ਪੰਚਾਇਤ ਲੋਹੀਆਂ ਖਾਸ ਦੇ 13 ਵਾਰਡਾਂ ਲਈ ਗਿਣਤੀ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੋਹੀਆਂ ਖਾਸ ਵਿਖੇ ਸਥਾਪਤ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਸ਼ੁੱਕਰਵਾਰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਲਈ ਕਰੀਬ 400 ਗਿਣਤੀ ਅਮਲਾ ਤਾਇਨਾਤ ਕੀਤਾ ਗਿਆ ਹੈ, ਜਿਸ ਵਿੱਚ 25 ਫੀਸਦੀ ਰਿਜ਼ਰਵ ਸ਼ਾਮਲ ਹੈ। ਇਸ ਤੋਂ ਇਲਾਵਾ 5 ਰਿਜ਼ਰਵ ਸਮੇਤ 19 ਮਾਈਕ੍ਰੋ ਆਬਜ਼ਰਵ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਸ਼੍ਰੀ ਵਾਲੀਆ ਨੇ ਕਿਹਾ ਕਿ ਗਿਣਤੀ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਸਮੂਹ ਗਿਣਤੀ ਸਟਾਫ਼ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਪਾਲਣਾ ਕਰਦਿਆਂ ਗਿਣਤੀ ਦੇ ਕਾਰਜ ਨੂੰ ਸਿਰੇ ਚੜ੍ਹਾਉਣ ਦੀ ਹਦਾਇਤ ਕੀਤੀ।

ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ 341 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ 44, ਨਗਰ ਕੌਂਸਲ ਕਰਤਾਰਪੁਰ ਦੇ 15 ਵਾਰਡਾਂ ਲਈ 50, ਨਕੋਦਰ ਦੇ 17 ਵਾਰਡਾਂ ਲਈ 55, ਨੂਰਮਹਿਲ ਦੇ 13 ਵਾਰਡਾਂ ਲਈ 41, ਨਗਰ ਕੌਂਸਲ ਫਿਲੌਰ ਦੇ 15 ਵਾਰਡਾਂ ਲਈ 57, ਨਗਰ ਪੰਚਾਇਤ ਮਹਿਤਪੁਰ ਅਤੇ ਲੋਹੀਆਂ ਖਾਸ ਦੇ 13-13 ਵਾਰਡਾਂ ਲਈ 47-47 ਉਮੀਦਵਾਰਾਂ ਲਈ 26 ਮਈ ਨੂੰ ਵੋਟਾਂ ਪਈਆਂ ਸਨ।

By admin

Related Post

Leave a Reply

Your email address will not be published. Required fields are marked *