Breaking
Tue. Aug 11th, 2026

80ਵਾਂ ਆਜ਼ਾਦੀ ਦਿਹਾੜਾ : ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ

ਜਲੰਧਰ, 11 ਅਗਸਤ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਥੇ ਸਟੇਡੀਅਮ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਵੱਖ-ਵੱਖ ਵਿਭਾਗ ਸੌਂਪੇ ਗਏ ਕਾਰਜ/ਜ਼ਿੰਮੇਵਾਰੀਆਂ ਸਮਾਂ ਰਹਿੰਦਿਆਂ ਮੁਕੰਮਲ ਕਰ ਲੈਣ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਸ਼੍ਰੀ ਵਾਲੀਆ ਨੇ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਲੋਕਾਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਸੁਰੱਖਿਆ, ਸੁਖਾਲੀ ਐਂਟਰੀ, ਪਾਰਕਿੰਗ, ਆਵਾਜਾਈ ਦੀ ਸੁਚਾਰੂ ਵਿਵਸਥਾ ਸਬੰਧੀ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾ ਲਏ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਟੇਡੀਅਮ ਅਤੇ ਪ੍ਰਮੁੱਖ ਚੌਕਾ ਦੀ ਸਾਫ-ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ, ਐਂਬੂਲੈਂਸ ਦੀ ਤਾਇਨਾਤੀ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਟੁੱਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਮਾਸ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਇਸ ਤੋਂ ਇਲਾਵਾ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਸੇਵਾਵਾਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਅਤੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ।

ਰਾਸ਼ਟਰੀ ਮਹੱਤਤਾ ਵਾਲੇ ਇਸ ਸਮਾਗਮ ਨੂੰ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਪੂਟੀ ਪੂਰੀ ਤਨਦੇਹੀ, ਸ਼ਿੱਦਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਬਿਹਤਰ ਆਪਸੀ ਤਾਲਮੇਲ ਨਾਲ ਸਮੁੱਚੇ ਬੰਦੋਬਸਤ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਪ੍ਰਬੰਧਾਂ ਪੱਖੋਂ ਕੋਈ ਕਮੀ ਨਾ ਰਹੇ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਪੇਸ਼ ਕੀਤੀਆਂ ਜਾਣ ਵਾਲੀਆਂ ਸੱਭਿਆਚਾਰਕ ਵੰਨਗੀਆਂ ਦਾ ਜਾਇਜ਼ਾ ਵੀ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਐਸ.ਡੀ.ਐਮ. ਸ਼ੁਭੀ ਆਂਗਰਾ ਤੇ ਸ਼ਾਇਰੀ ਮਲਹੋਤਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

By admin

Related Post

Leave a Reply

Your email address will not be published. Required fields are marked *