ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੀ ਗਈ ਬੰਦ ਦੀ ਕਾਲ ਦੇ ਸੱਦੇ ‘ਤੇ ਅੱਜ ਨੂਰਮਹਿਲ ਅਤੇ ਬਿਲਗਾ ਸ਼ਹਿਰ ਦੁਪਹਿਰ 2 ਵਜੇ ਤੱਕ ਮੁਕੰਮਲ ਬੰਦ ਰਿਹਾ। ਇਸ ਹੜਤਾਲ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ, ਸਿੱਖ ਜਥੇਬੰਦੀਆਂ, ਮਿਸਲ ਸਤਲੁਜ, ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਇਲਾਕੇ ਦੀ ਸੰਗਤ ਵੱਲੋਂ ਭਰਵਾਂ ਸਹਿਯੋਗ ਦਿੱਤਾ ਗਿਆ। ਦੁਪਹਿਰ 2 ਵਜੇ ਤੱਕ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹਿਣ ਤੋਂ ਬਾਅਦ, 2 ਵਜੇ ਤੋਂ ਬਾਅਦ ਆਮ ਦਿਨਾਂ ਵਾਂਗ ਹੀ ਦੁਕਾਨਾਂ ਖੋਲ੍ਹੀਆਂ ਗਈਆਂ ਅਤੇ ਕਾਰੋਬਾਰੀ ਗਤੀਵਿਧੀਆਂ ਮੁੜ ਸ਼ੁਰੂ ਹੋਈਆਂ।ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੀਤ ਪ੍ਰਧਾਨ ਕੇਵਲ ਸਿੰਘ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵੱਲੋਂ ਨੂਰਮਹਿਲ ਦੇ ਤਲਵਣ ਚੌਕ ਵਿੱਚ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟਾਇਆ ਗਿਆ। ਧਰਨੇ ਦੌਰਾਨ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ, ਜਿਸ ਕਾਰਨ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਆਗੂਆਂ ਨੇ ਕਿਹਾ ਕਿ ਇਹ ਮੁੱਦਾ ਲੰਬੇ ਸਮੇਂ ਤੋਂ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।
ਦੂਜੇ ਪਾਸੇ, ਮਿਸਲ ਸਤਲੁਜ ਦੇ ਪ੍ਰਧਾਨ ਦਵਿੰਦਰ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਨੂਰਮਹਿਲ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਅਵਤਾਰ ਸਿੰਘ ਰਾਮੇਵਾਲ, ਗੁਰਨਾਮ ਸਿੰਘ ਕੰਦੋਲਾਂ, ਜਸਵੰਤ ਸਿੰਘ ਕਾਹਲੋਂ, ਗੁਰਦਿਆਲ ਸਿੰਘ, ਮਲਕੀਤ ਚੁੰਬਰ, ਪ੍ਰਦੀਪ ਸਿੰਘ ਤੱਖਰ, ਰਣਜੀਤ ਸਿੰਘ, ਜਤਿੰਦਰ ਜੌਹਲ, ਇੰਦਰਜੀਤ ਸਿੰਘ, ਲਖਵਿੰਦਰ ਸਿੰਘ ਹੋਠੀ, ਬਲਵੀਰ ਸਿੰਘ ਰੰਗਰੇਟਾ ਦਲ, ਰਛਪਾਲ ਸਿੰਘ ਸ਼ਦੀਪੁਰ, ਬਲਵੀਰ ਸਿੰਘ ਪੁਆਦੜਾ, ਸ਼ੇਰ ਸਿੰਘ ਨੂਰਮਹਿਲ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸੀ। ਜਥੇਬੰਦੀਆਂ ਦੇ ਆਗੂਆਂ ਨੇ ਨੂਰਮਹਿਲ ਦੇ ਦੁਕਾਨਦਾਰਾਂ, ਵਪਾਰੀਆਂ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਅਤੇ ਲੋਕਤੰਤਰਿਕ ਸੰਘਰਸ਼ ਅੱਗੇ ਵੀ ਜਾਰੀ ਰਹੇਗਾ।
ਪੰਜਾਬ ਬੰਦ ਦੇ ਸੱਦੇ ਨੂੰ ਨੂਰਮਹਿਲ ਅਤੇ ਬਿਲਗਾ ਵਿੱਚ ਭਰਵਾਂ ਹੁੰਗਾਰਾ ਮਿਲਿਆ
