ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ, ਸੁਚੱਜੇ ਪ੍ਰਬੰਧਨ ਲਈ ਪ੍ਰੇਰਿਆ
ਜਲੰਧਰ, 6 ਨਵੰਬਰ : ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਲਾਕ ਸ਼ਾਹਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ ਦੀਆਂ ਹਦਾਇਤਾਂ ਮੁਤਾਬਕ ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਗੁਰਚਰਨ ਸਿੰਘ ਅਤੇ ਡਿਪਟੀ ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਵਿਪਲ ਛਾਬੜਾ ਨੇ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਵੀ ਨੁਕਸਾਨ ਹੁੰਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਮਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ। ਇਸ ਮੌਕੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।